Jammu And Kashmir Shopian Encounter: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਤੁਰਕਾਵਨਗਾਮ ਖੇਤਰ ਵਿੱਚ ਹੋਈ ਮੁੱਠਭੇੜ ਵਿੱਚ ਤਿੰਨ ਅੱਤਵਾਦੀ ਢੇਰ ਹੋ ਗਏ ਹਨ । ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਪਹਿਲਾਂ ਆਪਣੇ ਜਾਲ ਵਿੱਚ ਫਸਾਇਆ ਅਤੇ ਫਿਰ ਉਨ੍ਹਾਂ ਨੂੰ ਢੇਰ ਕਰ ਦਿੱਤਾ । ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਅੱਤਵਾਦੀ ਇਸ ਇਲਾਕੇ ਵਿੱਚ ਲੁਕੇ ਹੋਏ ਹਨ ।
ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਸ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਿਸ ਵਿੱਚ ਤਿੰਨੇ ਅੱਤਵਾਦੀ ਮਾਰੇ ਗਏ ਸਨ । ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਉਂਡ ਫਾਇਰ ਵੀ ਕੀਤੇ । ਫਿਲਹਾਲ ਹਾਲੇ ਤੱਕ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ ।
ਮਿਲੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਪੁਲਿਸ, ਆਰਮੀ ਅਤੇ ਸੀਆਰਪੀਐਫ ਦੇ ਜਵਾਨਾਂ ਦੀ ਵਿਸ਼ੇਸ਼ ਆਪ੍ਰੇਸ਼ਨ ਟੀਮ ਨੇ ਸਾਂਝੇ ਤੌਰ ‘ਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ । ਜਿਵੇਂ ਹੀ ਸੁਰੱਖਿਆ ਬਲ ਸ਼ੱਕੀ ਜਗ੍ਹਾ ‘ਤੇ ਪਹੁੰਚੇ, ਉੱਥੇ ਪਹਿਲਾਂ ਹੀ ਲੁਕੇ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ । ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕਰਨੀ ਸ਼ੁਰੂ ਕੀਤੀ ਤਾਂ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਵਿੱਚ ਅੱਤਵਾਦੀਆਂ ਨੂੰ ਮਾਰ ਦਿੱਤਾ । ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋਈ ਸੀ । ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਖਿਲਾਫ਼ ਲਗਾਤਾਰ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ ।
ਦੱਸ ਦੇਈਏ ਕਿ ਘਾਟੀ ਵਿੱਚ ਹੁਣ ਅੱਤਵਾਦੀਆਂ ਦੀ ਖੈਰ ਨਹੀਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਅਤੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਸੀ । ਇਸ ਸਮੇਂ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ ।