BSF Employee reported Corona positive : ਕੋਰੋਨਾ ਵਾਇਰਸ ਦਾ ਕਹਿਰ ਸੂਬੇ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਜ਼ਿਲੇ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਬੀਐਸਐਫ ਦੇ ਜਵਾਨ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਦੇ ਨਾਲ ਹੀ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 146 ਹੋ ਗਈ ਹੈ। ਦੱਸਣਯੋਗ ਪਾਜ਼ੀਟਿਵ ਆਇਆ ਬੀਐਸਐਫ ਦਾ ਇਹ ਮੁਲਾਜ਼ਮ 30 ਸਾਲਾ ਸ਼ੰਮੀ ਕੁਮਾਰ ਹੈ।
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਦਾਖਲ ਇਕ ਮਰੀਜ਼ ਆਪਣੀ ਬੀਮਾਰੀ ਦੇ ਇਲਾਜ ਤੋਂ ਬਾਅਦ ਠੀਕ ਹੋ ਕੇ ਘਰ ਪਰਤ ਚੁੱਕਾ ਸੀ ਪਰ ਬਾਅਦ ਵਿਚ ਉਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ। ਜ਼ਿਕਰਯੋਗ ਹੈ ਕਿ ਜ਼ਿਲੇ ਵਿਚ ਹੁਣ ਕੋਰੋਨਾ ਵਾਇਰਸ ਦੇ ਕੁਲ 9 ਸਰਗਰਮ ਮਾਮਲੇ ਹਨ ਅਤੇ ਹੁਣ ਤੱਕ 5 ਲੋਕ ਕੋਰੋਨਾ ਵਾਇਰਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ।
ਡਾ. ਜਸਬੀਰ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 7952 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 6383 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ ਅਜੇ 1403 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਨ੍ਹਾਂ ਵਿਚੋਂ 24 ਸੈਂਪਲ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੰਗਲਵਾਰ 532 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਦੱਸਣਯੋਗ ਹੈ ਕਿ ਸੂਬੇ ਵਿਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਾਮਲਿਆਂਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਪੰਜਾਬ ਵਿਚ ਕੋਰੋਨਾ ਨਾਲ 81 ਲੋਕਾਂ ਦੀ ਜਾਨ ਜਾ ਚੁੱਕੀ ਹੈ। ਕੱਲ ਇਕੋ ਹੀ ਦਿਨ ਕੋਰੋਨਾ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਵਧਦੇ ਮਾਮਲੇ ਸਰਕਾਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।