Six new cases of Corona : ਪੰਜਾਬ ‘ਚ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ‘ਚ ਵੀ ਅੱਜ ਸਵੇਰੇ 6 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਖਬਰ ਮਿਲੀ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੁਲ ਕੋਰੋਨਾ ਪੀੜਤ ਮਰੀਜ਼ਾ ਦੀ ਗਿਣਤੀ 10 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਸ਼ੱਕੀ ਵਿਅਕਤੀਆਂ ਦੇ ਕੋਰੋਨਾ ਸੈਂਪਲ ਜਾਂਚ ਲਈ ਲਏ ਗਏ ਸਨ ਜਿਨ੍ਹਾਂ ਚੋਂ ਛੇ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਦੱਸੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਅੱਜ ਵੀ ਸੂਬੇ ਵਿਚ ਕੋਰੋਨਾ ਵਾਇਰਸ ਦੇ ਵੱਖ-ਵੱਖ ਜ਼ਿਲਿਆਂ ਵਿਚੋਂ ਨਵੇਂ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿਥੇ ਬਠਿੰਡਾ ’ਚ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 62 ਹੋ ਗਈ ਹੈ। ਇਨ੍ਹਾਂ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਹਨ। ਜਿਨ੍ਹਾਂ ‘ਚ ਦੋ ਮਹਿਲਾ ਪੁਲਿਸ ਮੁਲਾਜ਼ਮ ਹਨ। ਇਸ ਦੇ ਨਾਲ ਹੀ ਤਰਨਤਾਰਨ ਤੋਂ ਵੀ ਇਕ ਪੁਲਿਸ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਤੇ ਹੁਸ਼ਿਆਰਪੁਰ ਵਿਚ ਇਕ ਬੀਐਸਐਫ ਦੇ ਜਵਾਨ ਦੇ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਜ਼ਿਕਰਯੋਗ ਹੈ ਕਿ ਫਰੰਟਲਾਈਨ ਡਿਊਟੀਆਂ ਨਿਭਾਉਣ ਕਰਕੇ ਪੁਲਿਸ ਮੁਲਾਜ਼ਮਾਂ ਦੇ ਕੋਰੋਨਾ ਦੀ ਲਪੇਟ ਵਿਚ ਆਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨ ਵੀ ਸੂਬੇ ਵਿਚ ਕੋਰੋਨਾ ਵਾਇਰਸ ਦੇ 104 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3371 ਹੋ ਗਈ ਹੈ। ਮੰਗਲਵਾਰ ਨੂੰ ਸਭ ਤੋਂ ਵੱਧ 32 ਮਾਮਲੇ ਜਲੰਧਰ ‘ਚ ਦਰਜ ਕੀਤੇ ਗਏ ਹਨ। ਉੱਥੇ ਹੀ ਲੁਧਿਆਣਾ ਤੋਂ 22, ਪਟਿਆਲਾ ਤੋਂ 9, ਪਠਾਨਕੋਟ ਤੋਂ 6, ਇਸ ਦੇ ਨਾਲ ਹੀ ਮੁਹਾਲੀ, ਕਪੂਰਥਲਾ ਤੇ ਸੰਗਰੂਰ ਤੋਂ 4-4, ਹੁਸ਼ਿਆਰਪੁਰ ਤੇ ਫਾਜ਼ਿਲਕਾ ਤੋਂ 3-3, ਗੁਰਦਾਸਪੁਰ ਤੇ ਰੋਪੜ ਤੋਂ 2-2, ਇਸ ਤੋਂ ਇਲਾਵਾ ਫਰੀਦਕੋਟ, ਫਤਿਹਗੜ੍ਹ ਸਾਹਿਬ,ਐਸ.ਬੀ.ਐਸ ਨਗਰ, ਫਿਰੋਜ਼ਪੁਰ ਤੇ ਤਰਨਤਾਰਨ ਤੋਂ 1-1 ਮਰੀਜ਼ ਪਾਜ਼ਿਟਿਵ ਪਾਇਆ ਗਿਆ ਹੈ।