61 years man found Corona : ਚੰਡੀਗੜ੍ਹ ’ਚ ਅੱਜ ਸ਼ੁੱਕਰਵਾਰ ਨੂੰ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਥੇ ਸੈਕਟਰ-34 ਵਿਚ 61 ਸਾਲਾ ਬਜ਼ੁਰਗ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿਚ ਹੁਣ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ ਵਦ ਕੇ 375 ਹੋ ਗਈ ਹੈ, ਜਿਨ੍ਹਾਂ ਵਿਚੋਂ ਕੁਲ ਐਕਟਿਵ ਮਾਮਲੇ 63 ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 306 ਲੋਕ ਕੋਰੋਨਾ ਤੋਂ ਜੰਗ ਜਿੱਤ ਕੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਤੱਕ ਸ਼ਹਿਰ ਵਿਚ ਕੋਰੋਨਾ ਨਾਲ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਵੀ ਚੰਡੀਗੜ੍ਹ ਦੇ ਸੈਕਟਰ-43 ਦੇ ਜਿਸ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਉਸ ਦੇ ਸੰਪਰਕ ਵਿਚ 11 ਲੋਕ ਸਨ, ਜਿਨ੍ਹਾਂ ਵਿਚੋਂ ਚਾਰ ਉਸ ਦੇ ਆਪਣੇ ਪਰਿਵਾਰਕ ਮੈਂਬਰ ਹਨ ਅਤੇ ਸੱਤ ਲੋਕ ਉਸ ਦੀ ਕੰਮ ਵਾਲੀ ਥਾਂ ਨਾਲ ਸਬੰਧਤ ਹਨ। ਇਨ੍ਹਾਂ 11 ਲੋਕਾਂ ਦੇ ਸੈਂਪਲ ਲੈ ਕੇ ਟੈਸਟ ਵਾਸਤੇ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਵੀ ਅੱਜ ਹੀ ਆਏਗੀ। ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਵਿਚ ਹੁਣ ਤੱਕ 6315 ਲੋਕਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 5912 ਦੀ ਰਿਪੋਰਟ ਨੈਗੇਟਿਵ ਆਈ ਹੈ।
ਦੱਸਣਯੋਗ ਹੈ ਕਿ ਕੱਲ੍ਹ ਵੀਰਵਾਰ ਨੂੰ ਮਨੀਮਾਜਰਾ ਸਿਵਲ ਹਸਪਤਾਲ ਵਿਚ ਇਕ ਸਟਾਫ ਨਰਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ, ਜੋਕਿ ਭਾਂਖਰਪੁਰ ਦੀ ਰਹਿਣ ਵਾਲੀ ਹੈ। ਇਹ ਨਰਸ ਹਸਪਤਾਲ ਵਿਚ ਗਾਇਨੀ ਵਾਰਡ ਵਿਚ ਕੰਮ ਕਰਦੀ ਸੀ। ਉਸ ਦਾ ਕੋਰੋਨਾ ਟੈਸਟ ਪ੍ਰਾਈਵੇਟ ਹਸਪਤਾਲ ਵਿਚ ਹੋਇਆ ਸੀ, ਜਿਥੇ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਹਾਲਾਂਕਿ ਇਸ ਮਾਮਲੇ ਨੂੰ ਮੋਹਾਲੀ ਜ਼ਿਲੇ ਵਿਚ ਹੀ ਸ਼ਾਮਲ ਕੀਤਾ ਗਿਆ ਹੈ।