Sukhbir Badal visited the house : ਸੰਗਰੂਰ: ਲੱਦਾਖ ਦੀ ਗਲਵਾਨ ਘਾਟੀ ਵਿਚ ਭਾਰਤ-ਚੀਨ ਝੜਪ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਵੱਲੋਂ ਦਿੱਤੀ ਗਈ ਕੁਰਬਾਨੀ ਲਈ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਪਿੰਡ ਤੋਲਾਵਾਲ ਦੇ ਸਕੂਲ ਨੂੰ ਅਪਗਰੇਡ ਕਰ ਕੇ ਇਸਦਾ ਨਾਂ ਸ਼ਹੀਦ ਦੇ ਨਾਂ ‘ਤੇ ਰਖਣ ਦੀ ਵੀ ਅਪੀਲ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਸ਼ਹੀਦ ਦੇ ਪਰਿਵਾਰ ਨਾਲ ਕਾਫੀ ਸਮਾਂ ਬਿਤਾਇਆ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਪਿੰਡ ਵਿਚ ਇਕ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਬਿੰਦਰ ਵੱਲੋਂ ਭਾਰਤ ਅਤੇ ਚੀਨ ਸਰਹੱਦ ‘ਤੇ ਚੀਨੀਆਂ ਦਾ ਮੁਕਾਬਲਾ ਕਰਦਿਆਂ ਛੋਟੀ ਉਮਰ ਵਿਚ ਹੀ ਦਿੱਤੀ ਮਹਾਨ ਸ਼ਹਾਦਤ ਹਮੇਸ਼ਾ ਯਾਦ ਰੱਖੀ ਜਾਵੇਗੀਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੀਨ ਨੂੰ ਇਕ ਮਜ਼ਬੂਤ ਸੰਦੇਸ਼ ਦੇਣ ਦੀ ਜ਼ਰੂਰਤ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਨਾਜ਼ੁਕ ਮੌਕੇ ਅਸੀਂ ਸਾਰੇ ਪ੍ਰਧਾਨ ਮੰਤਰੀ ਤੇ ਭਾਰਤੀ ਫੌਜ ਦੇ ਨਾਲ ਹਾਂ।
ਉਹਨਾਂ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਲਏ ਗਏ ਫੈਸਲਿਆਂ ਦੀ ਹਮਾਇਤ ਕਰਨੀ ਚਾਹੀਦੀ ਹੈ ਕਿਉਂਕਿ ਉਹ ਜ਼ਮੀਨੀ ਹਾਲਾਤ ਤੋਂ ਵਾਕਫ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹਨਾਂ ਦੇ ਜੱਦੀ ਪਿੰਡਾਂ ਤੇ ਸ਼ਹਿਰਾਂ ਵਿਚ ਉਹਨਾਂ ਦੀਆਂ ਯਾਦਗਾਰਾਂ ਬਣਾਈਆਂ ਜਾਣ। ਇਸ ਦੌਰਾਨ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ ਹੈ। ਇਹ ਸਮਾਂ ਸਿਆਸਤ ਛੱਡ ਕੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ’ਚ ਚੱਲਣ ਦਾ ਹੈ।