Five Corona Positive Cases : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੋਹਾਲੀ ’ਚ ਵੀ ਲਗਾਤਾਰ ਵਧਦੇ ਹੀ ਜਾ ਰਹੇ ਹਨ। ਅੱਜ ਸ਼ਨੀਵਾਰ ਵੀ ਮੋਹਾਲੀ ਤੋਂ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਮਿਲਣ ਨਾਲ ਹੀ ਹੁਣ ਮੋਹਾਲੀ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 213 ਹੋ ਗਈ ਹੈ, ਜਦਕਿ 138 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਮੋਹਾਲੀ ਵਿਚ ਕੁਲ ਐਕਟਿਵ ਮਾਮਲੇ 72 ਹਨ, ਜੋਕਿ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਦੱਸ ਦੇਈਏ ਕਿ ਮੋਹਾਲੀ ਵਿਚ ਹੁਣ ਤੱਕ ਕੋਰੋਨਾ ਨਾਲ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਸਾਹਮਣੇ ਆਏ ਨਵੇਂ ਮਾਮਲਿਆਂ ਵਿਚ ਇਕ 57 ਸਾਲਾ ਵਿਅਕਤੀ ਜੋਕਿ ਕੁਰਾਲੀ ਨਾਲ ਸਬੰਧਤ ਹੈ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਵਿਅਕਤੀ ਦਿੱਲੀ ਤੋਂ ਪੰਜਾਬ ਵਾਪਿਸ ਪਰਤਿਆ ਸੀ। ਦੂਜਾ ਮਰੀਜ਼ ਲਾਲੜੂ ਤੋਂ 53 ਸਾਲਾ ਵਿਅਕਤੀ ਹੈ, ਜੋਕਿ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ ਦੇ ਸੰਪਰਕ ਵਾਲਾ ਹੈ। ਇਸ ਤੋਂ ਇਲਾਵਾ ਬਲਟਾਣਾ ਦੀ ਇਕ 18 ਸਾਲਾ ਮੁਟਿਆਰ ਅਤੇ 25 ਸਾਲਾ ਔਰਤ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਇਹ ਦੋਵੇਂ ਬਾਪੂਧਾਮ ਵਿਚ ਪਹਿਲਾਂ ਤੋਂ ਹੀ ਪਾਏ ਗਏ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਸਨ। ਇਸ ਤੋਂ ਇਲਾਵਾ ਖਰੜ ਦੀ ਇਕ 54 ਸਾਲਾ ਔਰਤ ਦੀ ਰਿਪੋਰਟ ’ਚ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਹ ਔਰਤ ਵੀ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ ਦੇ ਸੰਪਰਕ ’ਚ ਸੀ।
ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਾਰੇ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿਥੇ ਇਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।