The order was issued by the SDM : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਰੋਜ਼ਾਨਾ ਇਸ ਦੇ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਵਧਦੇ ਮਾਮਲੇ ਜ਼ਿਲਾ ਪ੍ਰਸ਼ਾਸਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਆਪਣੇ ਪੱਧਰ ’ਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਕੋਸ਼ਿਸ਼ਾਂ ਕਰ ਰਹੇ ਹਨ। ਇਸੇ ਲੜੀ ਵਿਚ ਕੋਟਕਪੂਰਾ ਵਿਚ ਵੀ ਪ੍ਰਸ਼ਾਸਨ ਪੂਰੀ ਤਰ੍ਹਾਂ ਅਹਿਤਿਆਤ ਵਰਤ ਰਿਹਾ ਹੈ, ਜਿਸ ਦੇ ਚੱਲਦਿਆਂ ਸ਼ਹਿਰ ਦੀ ਹੱਦ ਅੰਦਰ ਰੈਸਟੋਰੈਂਟ ਵਿਚ ਸਮਾਜਿਕ ਇਕੱਠ ਜਿਵੇਂ ਵਿਆਹ, ਭੋਗ, ਧਾਰਮਿਕ ਪ੍ਰੋਗਰਾਮ ਅਤੇ ਧਰਨਾ ਆਦਿ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਕੋਟਕਪੂਰਾ ਸ਼ਹਿਰ ਵਿਚ ਵੱਖ-ਵੱਖ ਖੇਤਰਾਂ ਵਿਚ 5 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਨੂੰ ਧਿਆਨ ਵਿਚ ਰਖਦਿਆਂ ਇਸ ਮਹਾਮਾਰੀ ਤੋਂ ਸ਼ਹਿਰ ਨੂੰ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ ਤਾਂ ਜੋ ਇਸ ਦੇ ਫੈਲਾਅ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਦਫਤਰ ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਵੱਲੋਂ ਇਕ ਪੱਤਰ ਜਾਰੀ ਕਰਕੇ ਇਹ ਹੁਕਮ ਦਿੱਤੇ ਗਏ ਹਨ ਕਿ ਰੈਸਟੋਰੈਂਟਾਂ ਵਿਚ ਕਿਸੇ ਵੀ ਤਰ੍ਹਾਂ ਦੇ ਸਮਾਜਿਕ ਇਕੱਠ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਂਦੀ ਹੈ।
ਐਸਡੀਐਮ ਵੱਲੋਂ ਸਮੂਹ ਰੈਸਟੋਰੈਂਟ ਮਾਲਕਾਂ ਨੂੰ ਵੀ ਹਿਦਾਇਤ ਦਿੱਤੀ ਹੈ ਕਿ ਸਹਿਰ ਕੋਟਕਪੂਰਾ ਦੀ ਸੁਰੱਖਿਆ ਦੇ ਮੱਦੇਨਜ਼ਰ ਰੈਸਟੋਰੈਂਟਾਂ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਪ੍ਰੋਗਰਾਮ ਜਾਂ ਇਕੱਠ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਘਰਾਂ ਵਿਚ ਰਹਿਮ ਦੀ ਅਪੀਲ ਕੀਤੀ ਗਈ ਹੈ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਦੋਸ਼ੀ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।