DC orders complete sealing of : ਜਲੰਧਰ ਵਿਖੇ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ, ਜਿਸ ਅਧੀਨ ਪੰਜ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ‘ਤੇ ਉਸ ਇਲਾਕੇ ਸੀਲ ਕੀਤਾ ਜਾਵੇਗਾ। ਇਨ੍ਹਾਂ ਹਿਦਾਇਤਾਂ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਿੰਦਰੂ ਮੁਹੱਲਾ, ਟੀਚਰ ਕਲੋਨੀ, ਗੋਪਾਲ ਨਗਰ ਅਤੇ ਫਰੈਂਡਜ਼ ਕਲੋਨੀ ਨੇੜੇ ਮਕਸੂਦਾਂ ਨੁੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਚਾਰ ਖੇਤਰਾਂ ਨੂੰ ਸਿਹਤ ਵਿਭਾਗ ਦੇ ਪ੍ਰੋਟੋਕਾਲ ਅਨੁਸਾਰ ਮੁਕੰਮਲ ਤੌਰ ‘ਤੇ ਸੀਲ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਲੋਂ ਰਿਪੋਰਟਾਂ ਮਿਲਣ ਉਪਰੰਤ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਸੂਚੀ ਵਿੱਚ ਸੋਧ ਕੀਤੀ ਜਾਵੇਗੀ। ਸ਼੍ਰੀ ਥੋਰੀ ਨੇ ਦੱਸਿਆ ਕਿ ਪ੍ਰਭਾਵਸ਼ਾਲੀ ਢੰਗ ਨਾਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਉਪ ਮੰਡਲ ਮੈਜਿਸਟਰੇਟਾਂ ਵਲੋਂ ਸਬੰਧਿਤ ਸਹਾਇਕ ਕਮਿਸ਼ਨਰ ਪੁਲਿਸ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਸਾਂਝੀ ਮੀਟਿੰਗ ਤੋਂ ਬਾਅਦ ਮਾਈਕਰੋ ਅਤੇ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਇਨਾਂ ਜ਼ੋਨਾ ਨੂੰ ਸਖ਼ਤੀ ਨਾਲ ਰੱਖਿਆ ਜਾਵੇਗਾ। ਸ਼੍ਰੀ ਥੋਰੀ ਨੇ ਦੱਸਿਆ ਕਿ ਕੰਟੇਨਮੈਂਟ ਜ਼ੋਨ ਐਲਾਨਣ ਤੋਂ ਬਾਅਦ ਇਨ੍ਹਾਂ ਖੇਤਰਾਂ ਵਿੱਚ ਸਿਹਤ ਵਰਕਰਾਂ ਵਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ, ਸਿਹਤ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਇਨ੍ਹਾਂ ਕੰਟੇਨਮੈਂਟ ਜ਼ੋਨਾਂ ਵਿੱਚ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਜਲੰਧਰ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ‘ਚ ਵੱਡੀ ਗਿਣਤੀ ਵਿਚ ਵਾਧਾ ਹੋਇਆ ਹੈ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ।