ludhiana dmc hospital doctor:ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਲੀਨਿਕਲ ਇਸਟੈਬਲਿਸ਼ਮੈਂਟ ਬਿੱਲ ਖਿਲਾਫ ਅੱਜ ਸੂਬੇ ਭਰ ਦੇ ਡਾਕਟਰਾਂ ਵਲੋਂ ਹੜਤਾਲ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਸ ਦੌਰਾਨ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਡਾਕਟਰਾਂ ਅਤੇ ਸਕਿਓਰਟੀ ਗਾਰਡ ਵਿਚਾਲੇ ਕਾਫੀ ਧੱਕਾ-ਮੁੱਕੀ ਹੋਈ।
ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਦੇ ਬਾਹਰ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਇੱਥੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਹੜਤਾਲ ਦੇ ਸੱਦੇ ‘ਤੇ ਨਿੱਜੀ ਹਸਪਤਾਲ ਨੂੰ ਬੰਦ ਕਰਵਾਉਣ ਪਹੁੰਚੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਦੀ ਹਸਪਤਾਲ ਦੇ ਸਕਿਓਰਿਟੀ ਗਾਰਡ ਨਾਲ ਕਾਫੀ ਧੱਕਾ-ਮੁੱਕੀ ਹੋਈ। ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਗੌਰਵ ਸਚਦੇਵਾ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰ ਤਾਂ ਸਾਥ ਦੇ ਰਹੇ ਹਨ ਪਰ ਹਸਪਤਾਲ ਪ੍ਰਸ਼ਾਸਨ ਉਨ੍ਹਾਂ ਦੇ ਖਿਲਾਫ ਹੈ। ਦੂਜੇ ਪਾਸੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਹੰਗਾਮੇ ਦੌਰਾਨ ਇੱਥੇ ਪੁਲਿਸ ਪਹੁੰਚੀ, ਜਿਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।