3 people reported Corona : ਕੋਰੋਨਾ ਦਾ ਕਹਿਰ ਸੂਬੇ ਵਿਚ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੇ ਲਗਾਤਾਰ ਵਧਦੇ ਮਾਮਲਿਆਂ ਵਿਚ ਹੁਣ ਬਰਨਾਲਾ ਜ਼ਿਲੇ ਤੋਂ ਕੋਰੋਨਾ ਦੇ ਤਿੰਨ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਤਿੰਨ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 46 ਹੋ ਗਈ ਹੈ, ਜਿਨ੍ਹਾਂ ਵਿਚੋਂ 27 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਚੁੱਕੇ ਹਨ, ਜਿਸ ’ਤੇ ਉਨ੍ਹਾਂ ਨੂੰ ਹਸਪਤਾਲੋਂ ਘਰ ਭੇਜ ਦਿੱਤਾ ਜਾ ਚੁੱਕਾ ਹੈ। ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਨਾਲ ਦੋ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਸਮੇਂ ਜ਼ਿਲੇ ਵਿਚ ਕੁਲ ਐਕਟਿਵ ਮਾਮਲੇ 17 ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਨਵੇਂ ਮਿਲੇ ਮਾਮਲਿਆਂ ਵਿਚ ਦਿੱਲੀ ਤੋਂ ਪਰਤੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਅਤੇ ਭਦੌੜ ਤੋਂ ਇਕ ਕਿਸਾਨ ਵੀ ਕੋਰੋਨਾ ਪਾਜ਼ੀਟਿਵ ਮਿਲਿਆ ਹੈ। ਉਥੇ ਹੀ ਤੀਸਰੇ ਮਾਮਲੇ ਵਿਚ ਇਕ ਨਾਬਾਲਗ ਬੱਚੀ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਬੱਚੀ ਦੇ ਜਲੰਧਰ ’ਚ ਰਹਿੰਦੇ ਦਾਦਾ ਦੇ ਇਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਸੀ, ਜਿਥੇ ਜਾਂਚ ਦੌਰਾਨ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਸੀ। ਇਹ ਬੱਚੀ ਲੁਧਿਆਣਾ ’ਚ ਆਪਣੇ ਦਾਦਾ ਨੂੰ ਮਿਲਣ ਦੌਰਾਨ ਉਨ੍ਹਾਂ ਦੇ ਸੰਪਰਕ ਵਿਚ ਆਉਣ ਨਾਲ ਉਹ ਵੀ ਇਸ ਮਹਾਮਾਰੀ ਦੀ ਲਪੇਟ ਵਿਚ ਆ ਗਈ।