India COVID-19 tally crosses: ਨਵੀਂ ਦਿੱਲੀ: ਦੇਸ਼ ਵਿਚ ਜਾਨਲੇਵਾ ਕੋਰੋਨਾ ਵਾਇਰਸ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਹੇ ਹਨ। ਦੇਸ਼ ਵਿੱਚ ਸ਼ਨੀਵਾਰ ਨੂੰ ਇੱਕ ਦਿਨ ਵਿੱਚ 18,552 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 5.08 ਲੱਖ ਦੇ ਪਾਰ ਪਹੁੰਚ ਗਈ ਹੈ, ਜਦਕਿ ਪਿਛਲੇ 24 ਘੰਟਿਆਂ ਵਿੱਚ 384 ਲੋਕਾਂ ਦੀ ਮੌਤ ਹੋਈ ਹੈ । ਸਿਹਤ ਮੰਤਰਾਲੇ ਅਨੁਸਾਰ ਹੁਣ ਜਿਸ ਵਿਚੋਂ ਮਾਮਲੇ 1,97,387 ਸਰਗਰਮ ਹਨ । ਜਿਸ ਤਰ੍ਹਾਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਓਨੀ ਹੀ ਰਫ਼ਤਾਰ ਨਾਲ ਦੇਸ਼ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ । ਦੇਸ਼ ਵਿੱਚ ਹੁਣ ਤੱਕ 2,95,881 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 15,685 ਲੋਕਾਂ ਦੀ ਮੌਤ ਹੋ ਚੁੱੱਕੀ ਹੈ ।
ਦਰਅਸਲ, ਦੇਸ਼ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਂਰਾਸ਼ਟਰ ਹੈ। ਮਹਾਂਰਾਸ਼ਟਰ ਵਿੱਚ ਕੋਰੋਨਾ ਦੇ 1,52,765 ਮਾਮਲੇ ਸਾਹਮਣੇ ਆਏ ਹਨ ਅਤੇ ਮੌਤਾਂ ਦੇ ਮਾਮਲੇ ਵੀ ਵੱਧ ਰਹੇ ਹਨ । ਇੱਥੇ ਕੋਰੋਨਾ ਕਾਰਨ ਹੁਣ ਤੱਕ 7106 ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ ਇੱਕ ਦਿਨ ਵਿੱਚ 5000 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ।
ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ 3460 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਤੋਂ ਬਾਅਦ ਦਿੱਲੀ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 77,240 ਹੋ ਗਈ ਹੈ, ਜਦਕਿ ਹੁਣ ਤੱਕ 2,492 ਮੌਤਾਂ ਹੋ ਗਈਆਂ ਹਨ। ਇਸ ਤੋਂ ਇਲਾਵਾ ਤਾਮਿਲਨਾਡੂ ਵਿੱਚ ਕੋਰੋਨਾ ਦੇ 3645 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ 74745 ਹੋ ਗਈ ਹੈ। ਇੱਥੇ ਮੌਤਾਂ ਦਾ ਕੁੱਲ ਅੰਕੜਾ 957 ਹੋ ਗਿਆ ਹੈ।