45 years man reported corona : ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਸੂਬੇ ਵਿਚ ਲਗਾਤਾਰ ਜਾਰੀ ਹੈ। ਇਸ ਦੇ ਮਾਮਲਿਆਂ ਵਿਚ ਵੱਖ-ਵੱਖ ਜ਼ਿਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਬੀਤੀ ਸ਼ਾਮ ਜੈਤੋ ਵਿਖੇ ਕੋਰੋਨਾ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਗਊਸ਼ਾਲਾ ਰੋਡ ’ਤੇ ਰਹਿਣ ਵਾਲੇ ਇਕ 45 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਵਿਅਕਤੀ ਦੇ ਸੈਂਪਲ 23 ਜੂਨ ਨੂੰ ਲਏ ਗਏ ਸਨ ਤੇ ਬੀਤੀ ਦੇਰ ਸ਼ਾਮ ਇਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਸ ਨੂੰ ਸਾਦਿਕ ਰੋਡ ’ਤੇ ਸਥਿਤ ਪਿੰਡ ਮਹਿਮੂਆਣਾ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿਚ ਭੇਜ ਦਿੱਤਾ ਗਿਆ ਹੈ। ਹੁਣ ਉਕਤ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੀ ਸੂਚੀ ਬਣਾਈ ਜਾ ਰਹੀ ਹੈ ਅਤੇ ਉਨ੍ਹਾਂ ਦਾ ਪਤਾ ਕਰਕੇ ਉਨ੍ਹਾਂ ਨੂੰ ਵੀ ਕੁਆਰੰਟਾਈਨ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਜੈਤੋ ਵਿਚ ਇਹ ਕੋਰੋਨਾ ਦਾ ਦੂਸਰਾ ਮਾਮਲਾ ਸਾਹਮਣੇ ਆਇਆ ਹੈ। ਕੁਝ ਦਿਨ ਪਹਿਲਾਂ ਜੈਤੋ ਦੀ ਇਕ ਔਰਤ ਦੀ ਰਿਪੋਰਟ ਵਿਚ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ।
ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ’ਚ ਰੋਜ਼ਾਨਾ ਲਗਾਤਾਰ ਵਾਧਾ ਹੋ ਰਿਹਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਬੀਤੇ ਦਿਨ ਕੋਰੋਨਾਵਾਇਰਸ ਦੇ 188 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 5000 ਤੋਂ ਪਾਰ ਹੋ ਗਈ ਹੈ। ਦੱਸਣਯੋਗ ਹੈ ਕਿ ਕੱਲ੍ਹ ਸ਼ੁੱਕਰਵਾਰ ਸੂਬੇ ‘ਚ ਬਠਿੰਡਾ ਤੇ ਫਤਿਹਗੜ੍ਹ ਸਾਹਿਬ ਤੋਂ 1-1 ਮੌਤਾਂ ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 3201 ਵਿਅਕਤੀ ਠੀਕ ਹੋ ਚੁੱਕੇ ਹਨ। ਅੱਜ ਵੀ ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।