Municipal councils: ਮਾਨਸਾ, 27 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵੱਲੋਂ ਮੁਹੱਲਾ ਭਲਾਈ ਕਮੇਟੀਆਂ ਅਤੇ ਕਾਊਂਸਲਰਜ ਨਾਲ ਮਿਲ ਕੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਚਾਰ ਵੈਨਾਂ ਰਾਹੀਂ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਣੂ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਕਾਰਜ ਸਾਧਕ ਅਫ਼ਸਰਾਂ ਵੱਲੋਂ ਆਪਣੇ ਸਟਾਫ਼ ਅਤੇ ਹੋਰ ਮੋਹਤਬਰ ਵਿਅਕਤੀਆਂ, ਕਮੇਟੀਆਂ ਅਤੇ ਪ੍ਰਚਾਰ ਵੈਨਾਂ ਦੇ ਮਾਧਿਅਮ ਰਾਹੀਂ ਕੋਰੋਨਾ ਵਾਇਰਸ ਦੀ ਇਸ ਭਿਆਨਕ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਲਈ ਤਿਆਰ ਕਰਵਾਏ ਗਏ ਪੈਂਫਲੇਟਸ ਵੀ ਵੰਡੇ ਗਏ ਤਾਂ ਜੋ ਇਨ੍ਹਾਂ ‘ਤੇ ਛਪੀਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਲੋਕ ਇਸ ਬਿਮਾਰੀ ਤੋਂ ਆਪਣਾ ਬਚਾਅ ਰੱਖ ਸਕਣ ਅਤੇ ਕੋਰੋਨਾ ਵਾਇਰਸ ਦੀ ਚੇਨ ਨੂੰ ਵਧਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਚਾਰ ਵੈਨਾਂ ਰਾਹੀਂ ਵੀ ਗਲੀ-ਮੁਹੱਲਿਆਂ ਵਿੱਚ ਮੁਨਾਦੀ ਕਰਵਾਈ ਗਈ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਗਈ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਅਪੀਲ ਰਾਹੀਂ ਦੱਸਿਆ ਜਾ ਰਿਹਾ ਹੈ ਕਿ ਸਿਰਫ਼ ਜ਼ਰੂਰੀ ਕੰਮ ਲਈ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਿਆ ਜਾਵੇ, ਆਪਣੇ ਹੱਥਾਂ ਨੂੰ ਬਾਰ-ਬਾਰ ਸਾਬਨ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕੀਤਾ ਜਾਵੇ, ਦੂਸਰੇ ਵਿਅਕਤੀ ਤੋਂ ਨਿਰਧਾਰਿਤ ਦੂਰੀ ਬਣਾ ਕੇ ਰੱਖੀ ਜਾਵੇ, ਖੰਘ, ਬੁਖ਼ਾਰ ਜਾਂ ਕੋਰੋਨਾ ਸਬੰਧੀ ਕੋਈ ਵੀ ਲੱਛਣ ਸਰੀਰ ਵਿੱਚ ਪਾਏ ਜਾਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਤਾਲਮੇਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਹੋਰਡਿੰਗਜ਼ ਅਤੇ ਹੋਰ ਪ੍ਰਚਾਰ ਮਾਧਿਅਮਾਂ ਜਿਵੇਂ ਸ਼ੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਵੀ ਇਸ ਵਾਇਰਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਰੋਜ਼ਾਨਾ ਹੀ ਕਿਸੇ ਨਾ ਕਿਸੇ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਅਪੀਲ ਕੀਤੀ ਜਾਵੇਗੀ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਜ਼ ਨਾਲੋਂ ਪਰਹੇਜ਼ ਜ਼ਿਆਦਾ ਚੰਗਾ ਹੁੰਦਾ ਹੈ। ਇਸ ਲਈ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਾਲ ਅਸੀਂ ਕੋਰੋਨਾ ਵਰਗੀ ਬਿਮਾਰੀ ਨੂੰ ਹਰਾ ਸਕਦੇ ਹਾਂ।