Petrol diesel price halts: ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਕਾਰਨ ਲਾਗੂ ਹੋਏ ਲਾਕਡਾਊਨ ਨੇ ਕਮਰ ਤੋੜ ਦਿੱਤੀ ਹੈ। ਇਸ ਤੋਂ ਬਾਅਦ ਰਹਿੰਦੀ ਕਸਰ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਵੱਧ ਰਹੀ ਮਹਿੰਗਾਈ ਪੂਰਾ ਕਰ ਰਹੀ ਹੈ। 21 ਦਿਨਾਂ ਤੋਂ ਹਰ ਰੋਜ਼ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਸੀ, ਜੋ ਐਤਵਾਰ ਨੂੰ ਰੁੱਕ ਗਿਆ ਹੈ। ਐਤਵਾਰ ਯਾਨੀ ਕਿ 22ਵੇਂ ਦਿਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।
ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 80.38 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.40 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ । ਪਿਛਲੇ 21 ਦਿਨਾਂ ਤੋਂ ਰੋਜ਼ਾਨਾ ਕੀਮਤਾਂ ਵਿੱਚ ਵਾਧੇ ਕਾਰਨ ਡੀਜ਼ਲ ਹੁਣ ਤੱਕ 11 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ । ਇਸ ਦੇ ਨਾਲ ਹੀ ਪੈਟਰੋਲ ਦੀਆਂ ਕੀਮਤਾਂ ਵਿਚ ਵੀ 9 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ । ਹਰ ਦਿਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਇਸ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਵੀ ਦੇਸ਼ ਵਿੱਚ ਵੱਧਣੀ ਸ਼ੁਰੂ ਹੋ ਗਈ ਹੈ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਭਾਰਤੀ ਇਤਿਹਾਸ ਵਿੱਚ ਅਜਿਹਾ ਪਹਿਲਾ ਮੌਕਾ ਸੀ, ਜਦੋਂ ਡੀਜ਼ਲ ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਸੀ ਅਤੇ 80 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਸੀ । ਇਸ ਦੇ ਨਾਲ ਹੀ ਲੋਕਾਂ ਨੇ ਵਧੀਆਂ ਕੀਮਤਾਂ ਬਾਰੇ ਵੀ ਵਿਰੋਧ ਜਤਾਇਆ । ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 25 ਪੈਸੇ ਦਾ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਇੱਕ ਲੀਟਰ ਪੈਟਰੋਲ ਦੀ ਕੀਮਤ 80.38 ਪੈਸੇ ਹੋ ਗਈ ਸੀ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 21 ਪੈਸੇ ਵਧ ਕੇ 80.40 ਰੁਪਏ ਪ੍ਰਤੀ ਲੀਟਰ ਹੋ ਗਈ ਸੀ । ਜੋ ਐਤਵਾਰ ਨੂੰ ਕੀਮਤਾਂ ਵਿੱਚ ਕੋਈ ਵਾਧਾ ਨਾ ਹੋਣ ਕਾਰਨ ਬਰਕਰਾਰ ਹੈ ।
ਗੌਰਤਲਬ ਹੈ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨਾਲ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਜਿਹੇ ਸਮੇਂ ਵਿੱਚ ਜਦੋਂ ਜਨਤਾ ਸੰਕਟ ਨਾਲ ਜੂਝ ਰਹੀ ਹੈ, ਕਾਂਗਰਸ ਨੇ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਵਿੱਚ ਵਾਧੇ ਦੀ ਅਲੋਚਨਾ ਕੀਤੀ। ਇਸ ਤੋਂ ਇਲਾਵਾ ਕਾਂਗਰਸ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਛੇ ਸਾਲਾਂ ਵਿੱਚ ਲਗਾਇਆ ਗਿਆ ਟੈਕਸ ਵਾਪਸ ਲਿਆ ਜਾਵੇ ਅਤੇ ਤੇਲ ਦੀਆਂ ਕੀਮਤਾਂ ਘੱਟ ਕਰਨ ਦੀ ਮੰਗ ਕੀਤੀ ਹੈ । ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਹਾਲਾਂਕਿ, ਇਹ ਕਿਹਾ ਜਾ ਰਿਹਾ ਹੈ ਕਿ ਇੰਡੀਅਨ ਆਇਲ ਪਹਿਲਾਂ ਹੀ ਕੱਚੇ ਤੇਲ ਦੀ ਖਰੀਦ ਕੇ ਸਟੋਰ ਕਰ ਚੁੱਕਾ ਹੈ। ਅਜਿਹੀ ਸਥਿਤੀ ਵਿੱਚ ਤੇਲ ਦੀਆਂ ਕੀਮਤਾਂ ਘਟਣ ਕਾਰਨ ਕੰਪਨੀ ਨੂੰ ਨੁਕਸਾਨ ਹੋ ਰਿਹਾ ਹੈ।