Strict action will be taken : ਜਲੰਧਰ ਜ਼ਿਲੇ ਵਿਚ ਹੋਮ ਕੁਆਰੰਟਾਈਨ ਦੀ ਉਲੰਘਣਾ ਕਰਨ ਵਾਲਿਆਂ ਲਈ ਹੁਣ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਦੂਸਰੇ ਵਿਅਕਤੀਆਂ ਦੀ ਜ਼ਿੰਦਗੀ ਖਤਰੇ ਵਿਚ ਪਾਉਣ ਵਾਲੇ ਅਜਿਹੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਸੰਸਥਾਗਤ ਕੁਆਰੰਟੀਨ ਵਿਚ ਤਬਦੀਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਹੋਮ ਕੁਆਰੰਟਾਈਨ ਕੀਤੇ ਹੋਏ ਵਿਅਕਤੀ ਘਰਾਂ ਦੇ ਬਾਹਰ ਘੁੰਮਦੇ ਪਾਏ ਜਾਂਦੇ ਹਨ। ਅਜਿਹੇ ਲੋਕਾਂ ’ਤੇ ਪ੍ਰਸ਼ਾਸਨ ਵੱਲੋਂ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਜ਼ਿਲੇ ਵਿਚ ਟੈਸਟ ਤੋਂ ਬਾਅਦ ਕੁਆਰੰਟਾਈਨ ਕੀਤੇ ਗਏ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ ਪਰ ਜੇਕਰ ਕਿਸੇ ਨੂੰ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਾਇਆ ਗਿਆ ਤਾਂ ਉਸ ਖਿਲਾਫ ਸਕਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਡੀਸੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਗਏ ’ਮਿਸ਼ਨ ਫਤਿਹ’ ਅਧੀਨ ਹੋਮ ਕੁਆਰੰਟਾਈਨ ਦੀ ਉਲੰਘਣਾ ਨੂੰ ਸਖਤੀ ਨਾਲ ਰੋਕਣ ਲਈ ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਦੀਆਂ 696 ਟੀਮਾਂ ਗਟਿਤ ਕੀਤੀਆਂ ਗਈਆਂ ਹਨ ਅਤੇ ਕੋਵਿਡ-19 ਮਹਾਮਾਰੀ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੋਮ ਕੁਆਰੰਟਾਈਨ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਐਫਆਈ ਦਰਜ ਕਰਕੇ ਤੁਰੰਤ ਸੰਸਥਾਗਤ ਕੁਆਰੰਟਾਈਨ ਸਹੂਲਤਾਂ ਵਿਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਉਲੰਘਣਾ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ਵਿਚ ਇਸ ਦੇ ਲੱਛਣ ਦਿਖਾਈ ਦੇਣ ’ਤੇ ਉਨ੍ਹਾਂ ਨੂੰ ਹੋਮ ਕੁਆਰੰਟਾਈਨ ਕੀਤਾ ਜਾਂਦਾ ਹੈ ਅਤੇ ਅਜਿਹੇ ਲੋਕ ਜੇਕਰ ਘਰੋਂ ਬਾਹਰ ਆ ਕੇ ਦੂਸਰੇ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿਚ ਪਾਉਣਗੇ ਤਾਂ ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।