Corona New Cases positive found : ਕੋਰੋਨਾ ਵਾਇਰਸ ਦਾ ਕਹਿਰ ਸੂਬੇ ਵਿਚ ਲਗਾਤਾਰ ਜਾਰੀ ਹੈ। ਵੱਖ-ਵੱਖ ਜ਼ਿਲਿਆਂ ਵਿਚ ਇਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਜਲੰਧਰ ਵਿਚ 17 ਅਤੇ ਪਠਾਨਕੋਟ ਵਿਚ 5 ਤੇ ਨਵਾਂਸ਼ਹਿਰ ਵਿਚ 12 ਲੋਕਾਂ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਜਲੰਧਰ ਵਿਚ 17 ਨਵੇਂ ਮਾਮਲੇ ਆਉਣ ਨਾਲ ਹੁਣ ਜਲੰਧਰ ਵਿਚ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 700 ਤੋਂ ਪਾਰ ਹੋ ਗਈ ਹੈ, ਜਦਕਿ ਹੁਣ ਤੱਕ 20 ਲੋਕ ਜ਼ਿਲੇ ਵਿਚ ਕੋਰੋਨਾ ਨਾਲ ਆਪਣੀ ਜਾਨ ਗੁਆ ਚੁੱਕੇ ਹਨ।
ਪਠਾਨਕੋਟ ਜ਼ਿਲੇ ਵਿਚ ਵੀ ਇਸ ਦੇ ਮਾਮਲਿਆਂਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫਿਰ ਜ਼ਿਲੇ ਵਿਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ 200 ਲੋਕਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲੈ ਕੇ ਟੈਸਟ ਵਾਸਤੇ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 5 ਵਿਅਕਤੀਆਂ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਇਹ ਨਵੇਂ ਪੰਜ ਮਾਮਲੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 207 ਹੋ ਗਈ ਹੈ। ਹੁਣ ਤੱਕ ਜ਼ਿਲੇ ਵਿਚ ਕੋਰੋਨਾ ਦੇ 149 ਮਰੀਜ਼ ਇਸ ਮਹਾਮਾਰੀ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਇਸ ਸਮੇਂ ਜ਼ਿਲੇ ਵਿਚ 52 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸ ਮਹਾਮਾਰੀ ਨਾਲ ਜ਼ਿਲੇ ਵਿਚ 6 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਇਸ ਤੋਂ ਇਲਾਵਾ ਨਵਾਂਸ਼ਹਿਰ ਤੋਂ ਮਿਲੇ 12 ਮਾਮਲਿਆਂ ਵਿਚੋਂ 9 ਮਰੀਜ਼ ਵਿਦੇਸ਼ ਤੋਂ ਪਰਤੇ ਹਨ, ਜਦਕਿ ਤਿੰਨ ਦੂਸਰੇ ਸੂਬਿਆਂ ਤੋਂ ਆਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਪਾਜ਼ੀਟਿਵ ਮਰੀਜ਼ਾਂ ਵਿਚੋਂ 9 ਨੂੰ ਕੇਸੀ ਕਾਲਜ ਵਿਚ ਆਈਸੋਲੇਟ ਕੀਤਾ ਗਿਆ ਹੈ, ਜਦਿਕ ਦਿੱਲੀ ਤੋਂ ਆਏ ਦੋ ਵਿਅਕਤੀਆਂ ਅਤੇ ਇਕ ਬਿਹਾਰ ਤੋਂ ਆਏ ਵਿਅਕਤੀ ਨੂੰ ਵੀ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੀਤਾ ਗਿਆ ਹੈ। ਇਹ ਨਵੇਂ 12 ਮਾਮਲੇ ਸਾਹਮਣੇ ਆਉਣ ਨਾਲ ਹੁਣ ਨਵਾਂਸ਼ਹਿਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 142 ਹੋ ਗਈ ਹੈ, ਜਦਕਿ ਇਸ ਸਮੇਂ ਜ਼ਿਲੇ ਵਿਚ ਕੁਲ 19 ਮਾਮਲੇ ਐਕਟਿਵ ਹਨ।