Congress workers detained: ਕੋਰੋਨਾ ਸੰਕਟ ਵਿਚਕਾਰ ਅੱਜ ਕਾਂਗਰਸ ਪਾਰਟੀ ਪੈਟਰੋਲ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਸੋਮਵਾਰ ਨੂੰ ਦਿੱਲੀ ਕਾਂਗਰਸ ਦੇ ਵਰਕਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ ਸਨ, ਤਾਂ ਦਿੱਲੀ ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ ।
ਦੱਸ ਦੇਈਏ ਕਿ ਅੱਜ ਕਾਂਗਰਸ ਪਾਰਟੀ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰ ਰਹੀ ਹੈ । ਇਸ ਦੌਰਾਨ ਜ਼ਿਲ੍ਹਾ ਮੁਖੀਆਂ ਨੂੰ ਮੰਗ ਪੱਤਰ ਸੌਂਪਣ ਦੀ ਗੱਲ ਵੀ ਕਹੀ ਗਈ ਹੈ ।ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਜਾਰੀ ਹੈ, ਕਾਂਗਰਸ ਨੇਤਾ ਡੀ ਕੇ ਸ਼ਿਵਕੁਮਾਰ ਕਰਨਾਟਕ ਵਿੱਚ ਸਾਈਕਲ ‘ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਬਾਹਰ ਨਿਕਲੇ ।
ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਇਸ ਸਮੇਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਇਸ ਸਮੇਂ ਦਿੱਲੀ ਵਿੱਚ ਸਭ ਤੋਂ ਵੱਧ ਹਨ। ਸੋਮਵਾਰ ਨੂੰ ਵੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ । ਦਿੱਲੀ ਵਿੱਚ ਪੈਟਰੋਲ 5 ਪੈਸੇ ਵੱਧ ਕੇ 80.43 ਰੁਪਏ ਅਤੇ 13 ਪੈਸੇ ਦੇ ਵਾਧੇ ਨਾਲ ਡੀਜ਼ਲ 80.53 ਰੁਪਏ ‘ਤੇ ਪਹੁੰਚ ਗਿਆ ਹੈ । ਇਸ ਸਬੰਧੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਸੋਮਵਾਰ ਨੂੰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਦੇ ਤਹਿਤ ਕਾਂਗਰਸ ਪਾਰਟੀ ਸੋਸ਼ਲ ਮੀਡੀਆ ‘ਤੇ ਇਸ ਮੁੱਦੇ ਨੂੰ ਚੁੱਕ ਰਹੀ ਹੈ । ਇੱਕ ਵੀਡੀਓ ਸ਼ੇਅਰ ਕਰਦੇ ਹੋਏ ਰਾਹੁਲ ਗਾਂਧੀ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਆਓ # SpeakUpAgainstFuelHike Campaign ਨਾਲ ਜੁੜੀਏ ।