We don’t need : ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਦੇ ਰੂ-ਬ-ਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਚੁੱਕਿਆ। ਇਸ ਮੌਕੇ ਕੈਪਟਨ ਨੇ PM ਨਰਿੰਦਰ ਮੋਦੀ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਚੀਨ ਵਲੋਂ ਪੀ. ਐੱਮ. ਕੇਅਰ ਫੰਡ ਵਿਚ 7 ਕਰੋੜ ਰੁਪਏ ਦੀ ਰਾਸ਼ੀ ਆਈ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖਬਰ ਹੈ ਕਿ ਟਿਕ ਟਾਕ ਵਲੋਂ ਵੀ ਪੀ. ਐੱਮ. ਕੇਅਰ ਫੰਡ ਵਿਚ 30 ਕਰੋੜ ਰੁਪਏ ਦੀ ਰਕਮ ਦਿੱਤੀ ਗਈ ਹੈ। ਉਨ੍ਹਾਂ ਨਰਿੰਦਰ ਮੋਦੀ ਤੋਂ ਜਵਾਬ ਮੰਗਿਆ ਹੈ ਤੇ ਕਿਹਾ ਹੈ ਕਿ ਜੇਕਰ ਇਸ ਤਰ੍ਹਾਂ ਦੀ ਕੋਈ ਵੀ ਰਾਸ਼ੀ ਪ੍ਰਧਾਨ ਮੰਤਰੀ ਨੂੰ ਮਿਲੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਵਾਪਸ ਕਰ ਦੇਣਾ ਚਾਹੀਦਾ ਹੈ ਕਿਉਂਕਿ ਸਾਨੂੰ ਚੀਨ ਦੇ ਪੈਸਿਆਂ ਦੀ ਕੋਈ ਜ਼ਰੂਰਤ ਨਹੀਂ ਹੈ।
ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਸਿਆਸਤ ਚਲਾਉਣ ਲਈ ਅਜਿਹੇ ਲੋਕਾਂ ਦੀ ਸਲਾਹ ਦੀ ਕੋਈ ਜ਼ਰੂਰਤ ਨਹੀਂ ਹੈ। ਅਸੀਂ ਪੰਜਾਬ ਨੂੰ ਚਲਾਉਣ ਵਿਚ ਪੂਰੀ ਤਰ੍ਹਾਂ ਤੋਂ ਸਮਰੱਥ ਹਾਂ। ਜਦੋਂ ਪੱਤਰਕਾਰਾਂ ਵਲੋਂ ਉਨ੍ਹਾਂ ਤੋਂ ਪ੍ਰਤਾਪ ਸਿੰਘ ਬਾਜਵਾ ਦੀ ਚਿੱਠੀਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।
ਕੈਪਟਨ ਨੇ ਇਸ ਮੌਕੇ ਬਠਿੰਡਾ ਦੇ ਥਰਮਲ ਪਲਾਂਟ ਦੇ ਮੁੱਦੇ ਨੂੰ ਵੀ ਚੁੱਕਿਆ ਤੇ ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਵਿਰੋਧੀ ਧਿਰਾਂ ਵਲੋਂ ਜਾਣਬੁਝ ਕੇ ਗਰਮਾਇਆ ਜਾ ਰਿਹਾ ਹੈ ਤੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਸਸਤੇ ਵਿਚ ਬਿਜਲੀ ਮਿਲ ਰਹੀ ਹੈ ਤਾਂ ਉਨ੍ਹਾਂ ਨੂੰ ਮਹਿੰਗੀ ਬਿਜਲੀ ਲੈਣਦੀ ਕੀ ਲੋੜ ਹੈ? ਪੰਜਾਬ ਵਿਚ ਖੇਤੀ ਆਰਡੀਨੈਂਸਾਂ ਬਾਰੇ ਵੀ ਇਸ ਮੌਕੇ ਮੁੱਖ ਮੰਤਰੀ ਵਲੋਂ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਹੱਕ ਖੋਹੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਲੋਂ ਕੋਰੋਨਾ ਦੀ ਇਸ ਮੁਸ਼ਕਿਲ ਘੜੀ ਵਿਚ ਸੂਬੇ ਨੂੰ ਕਿਸੇ ਤਰ੍ਹਾਂ ਦੀ ਕੋਈ ਮਦਦ ਨਹੀਂ ਮਿਲ ਰਹੀ। ਭਾਵੇਂ ਉਨ੍ਹਾਂ ਨੇ ਇਸ ਸਬੰਧ ਵਿਚ ਕੇਂਦਰ ਨੂੰ ਕਈ ਵਾਰੀ ਜਾਣੂ ਵੀ ਕਰਵਾਇਆ ਜਾ ਚੁੱਕਾ ਹੈ ਪਰ ਕੇਂਦਰ ਵਲੋਂ ਸੂਬੇ ਨਾਲ ਹਮੇਸ਼ਾ ਵਿਤਕਰਾ ਹੀ ਹੁੰਦਾ ਰਿਹਾ ਹੈ।