Gurpatwant Pannu name included : ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲਾ ਵੱਲੋਂ ਖਾਲਿਸਤਾਨ ਪੱਖੀ ਦਹਿਸ਼ਤਗਰਦਾਂ ਦੀ ਇਕ ਲਿਸਟ ਤਿਆਰ ਕੀਤੀ ਗਈ ਹੈ, ਜਿਸ ਵਿਚ ਵੱਖ-ਵੱਖ ਮੁਲਕਾਂ ਵਿੱਚ ਮੌਜੂਦ ਇਸ ਨਾਲ ਜੁੜੀਆਂ ਜਥੇਬੰਦੀਆਂ ਦੇ ਆਗੂਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਲਿਸਟ ਵਿਚ 9 ਖ਼ਾਲਿਸਤਾਨ ਜਥੇਬੰਦੀਆਂ ਨਾਲ ਜੁੜੇ ਆਗੂਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਿੱਖ ਫ਼ਾਰ ਜਸਟਿਸ ਦੇ ਲੀਗਲ ਐਡਵਾਈਜ਼ਰ ਗੁਰਪਤਵੰਤ ਸਿੰਘ ਪੰਨੂ ਦਾ ਨਾਂ ਵੀ ਸ਼ਾਮਲ ਹੈ। ਦੱਸਣਯੋਗ ਹੈ ਕਿ ਗੁਰਪਤਵੰਤ ਸਿੰਘ ਪੰਨੂ ਨੇ ਹੀ ਖ਼ਾਲਿਸਤਾਨ ਦੇ ਹੱਕ ਵਿੱਚ 2020 ਰੈਫ਼ਰੈਂਡਮ ਦਾ ਐਲਾਨ ਕੀਤਾ ਸੀ। ਪੰਨੂ ’ਤੇ ਸਿੱਖ ਫਾਰ ਜਸਟਿਸ ਸੰਸਥਾ ਦੇ ਬੈਨਰ ਹੇਠ ਲੰਮੇ ਸਮੇਂ ਤੋਂ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਵੀ ਦੋਸ਼ ਹੈ।
ਦੱਸਣਯੋਗ ਹੈ ਕਿ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਜਿੰਨਾਂ 9 ਖ਼ਾਲਿਸਤਾਨ ਪੱਖੀ ਆਗੂਆਂ ਨੂੰ ਦਹਿਸ਼ਤਗਰਦਾਂ ਦੀ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਬੱਬਰ ਖ਼ਾਲਸਾ ਦੇ ਵਧਾਵਾ ਸਿੰਘ, ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਲਖਬੀਰ ਸਿੰਘ, ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਰਣਜੀਤ ਸਿੰਘ, ਖ਼ਾਲਿਸਤਾਨ ਕਮਾਂਡੋ ਫੋਰਸ ਦੇ ਪਰਮਜੀਤ ਸਿੰਘ, ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਭੁਪਿੰਦਰ ਸਿੰਘ ਭਿੰਡਾ ਅਤੇ ਗੁਰਮੀਤ ਸਿੰਘ ਬੱਗਾ, ਸਿੱਖ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ,ਖ਼ਾਲਿਸਤਾਨ ਟਾਇਗਰ ਫੋਰਸ ਦੇ ਹਰਦੀਪ ਸਿੰਘ ਨਿਜਰ,ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਪਰਮਜੀਤ ਸਿੰਘ ਦੇ ਨਾਂ ਸ਼ਾਮਲ ਹਨ।
ਦੱਸ ਦੇਈਏ ਲੌਕਡਾਊਨ ਦੌਰਾਨ ਪਨੂੰ ਨੇ ਇਕ ਆਡੀਓ ਸੰਦੇਸ਼ ਜਾਰੀ ਕੀਤਾ ਸੀ, ਜਿਸ ਰਾਹੀਂ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਸਰਕਾਰ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਤੋਂ ਇਲਾਵਾ ਚੀਨ ਨਾਲ ਹੋਏ ਭਾਰਤ ਦੇ ਵਿਵਾਦ ਦੌਰਾਨ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਦੇ ਖ਼ਿਲਾਫ਼ ਚੀਨ ਦੇ ਹੱਕ ਵਿੱਚ ਬਿਆਨ ਜਾਰੀ ਕਰਦੇ ਹੋਏ ਭਾਰਤੀ ਫੌਜ ਵਿਚ ਸਿੱਖ ਫ਼ੌਜੀਆਂ ਨੂੰ ਵਧ ਤਨਖਾਹ ਦੇਣ ਦਾ ਲਾਲਚ ਦਿੱਤਾ ਅਤੇ ਬਗ਼ਾਵਤ ਕਰਨ ਦੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਗੁਰਪਤਵੰਤ ਸਿੰਘ ਪਨੂੰ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਸੀ