Sugarfed releases Rs 100 crore : ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਿਦਾਇਤਾਂ ’ਤੇ ਸ਼ੂਗਰਫੈਡ ਵੱਲੋਂ ਸਾਲ 2019-20 ਦੇ ਪਿੜਾਈ ਸੀਜ਼ਨ ਲਈ ਕਿਸਾਨਾਂ ਨੂੰ ਅਦਾਇਗੀ ਲਈ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਹਿਕਾਰੀ ਮਿੱਲਾਂ ਰਾਹੀਂ ਕਿਸਾਨਾਂ ਦੀਆਂ ਸਾਲ 2019-20 ਲਈ ਅਦਾਇਗੀਆਂ ਤੁਰੰਤ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਿਦਾਇਤਾਂ ਦਿੰਦਿਆਂ ਕਿਹਾ ਕਿ ਇਸ ਰਕਮ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਬਿਨਾਂ ਕਿਸੇ ਦੇਰੀ ਦੇ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਰਾਸੀ ਨਾਲ ਸਹਿਕਾਰੀ ਖੰਡ ਮਿੱਲਾਂ ਕਿਸਾਨਾਂ ਦੀ ਬਕਾਇਆ ਪਈ 486.23 ਕਰੋੜ ਦੀ ਰਾਸ਼ੀ ਵਿੱਚੋਂ 349.05 ਕਰੋੜ ਰੁਪਏ ਦੀ ਅਦਾਇਗੀ ਕਰ ਸਕਣਗੀਆਂ।
ਇਸ ਸਬੰਧੀ ਸਹਿਕਾਰਤਾ ਮੰਤਰੀ ਰੰਧਾਵਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਬਕਾਇਆ ਰਕਮ ਅਦਾਇਗੀ ਦਾ ਵੀ ਜਲਦੀ ਭੁਗਤਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਖੰਡ ਨਿਰਯਾਤ ਸਬਸਿਡੀ ਤੇ ਬਫਰ ਸਟਾਕ ਦੇ ਦਾਅਵੇ ਵਜੋਂ ਭਾਰਤ ਸਰਕਾਰ ਵੱਲੋਂ ਕੀਤੀ ਜਾਣ ਵਾਲੀ 60 ਕਰੋੜ ਰੁਪਏ ਦੀ ਰਾਸ਼ੀ ਦਾ ਤੁਰੰਤ ਭੁਗਤਾਨ ਕਰਨ ਲਈ ਕੇਂਦਰ ਕੋਲ ਪਹੁੰਚ ਕੀਤੀ ਜਾਵੇਗੀ ਤਾਂ ਜੋ ਗੰਨਾ ਕਾਸ਼ਤਕਾਰਾਂ ਦੇ ਬਣਦੇ ਬਕਾਏ ਦੀ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾਵੇਗੀ।
ਰੰਧਾਵਾ ਨੇ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੇ ਲੌਕਡਾਊਨ ਕਾਰਨ ਸਰਕਾਰੀ ਮਾਲੀਏ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਗੰਨਾ ਕਿਸਾਨਾਂ ਦੇ ਬਕਾਏ ਦਾ ਜਲਦੀ ਭੁਗਤਾਨ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2018-19 ਦੇ ਸੀਜ਼ਨ ਲਈ ਨਵਾਂ ਸ਼ਹਿਰ, ਬੁੱਢੇਵਾਲ, ਮੋਰਿੰਡਾ, ਫਾਜ਼ਿਲਕਾ, ਗੁਰਦਾਸਪੁਰ, ਅਜਨਾਲਾ, ਨਕੋਦਰ, ਭੋਗਪੁਰ ਤੇ ਬਟਾਲਾ ਦੀਆਂ ਖੰਡ ਮਿੱਲਾਂ ਵੱਲੋਂ ਪਹਿਲਾਂ ਹੀ ਭੁਗਤਾਨ ਕਰ ਦਿੱਤੇ ਗਏ ਹਨ।