India records biggest one-day jump: ਨਵੀਂ ਦਿੱਲੀ: ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦੇਸ਼ ਵਿਚ ਪਹਿਲੀ ਵਾਰ ਇੱਕ ਦਿਨ ਵਿੱਚ ਕੋਰੋਨਾ ਦੇ ਤਕਰੀਬਨ 25 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ । ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 24,850 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 613 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਪਿਛਲੇ 24 ਘੰਟਿਆਂ ਦੌਰਾਨ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 6 ਲੱਖ 73 ਹਜ਼ਾਰ 165 ਹੋ ਗਈ ਹੈ । ਕੋਰੋਨਾ ਤੋਂ ਹੁਣ ਤੱਕ ਦੇਸ਼ ਵਿੱਚ 19,268 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਕੋਰੋਨਾ ਦੇ 2,44,814 ਸਰਗਰਮ ਮਾਮਲੇ ਹਨ । ਕੋਰੋਨਾ ਨਾਲ ਹੁਣ ਤੱਕ 19,268 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 4,09,082 ਵਿਅਕਤੀ ਠੀਕ ਹੋ ਚੁੱਕੇ ਹਨ । ਮਹਾਂਰਾਸ਼ਟਰ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਪ੍ਰਤੀਤ ਹੁੰਦਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਮਹਾਂਰਾਸ਼ਟਰ ਵਿੱਚ 7074 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਦਿੱਲੀ ਵਿੱਚ ਇੱਕ ਦਿਨ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2505 ਹੈ । ਤਾਮਿਲਨਾਡੂ ਵਿੱਚ 4280, ਉੱਤਰ ਪ੍ਰਦੇਸ਼ ਵਿੱਚ 757, ਪੱਛਮੀ ਬੰਗਾਲ ਵਿੱਚ 743, ਰਾਜਸਥਾਨ ਵਿੱਚ 480 ਅਤੇ ਪੰਜਾਬ ਵਿੱਚ 172 ਮਾਮਲੇ ਸਾਹਮਣੇ ਆਏ ਹਨ । ਇਸ ਵਿਚਕਾਰ ਰਾਹਤ ਦੀ ਗੱਲ ਇਹ ਹੈ ਕਿ ਕੋਰੋਨਾ ਮਰੀਜ਼ਾਂ ਦੀ ਰਿਕਵਰੀ ਰੇਟ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦੀ ਦਰ 60.77% ਹੋ ਗਈ ਹੈ।
ਦੱਸ ਦੇਈਏ ਕਿ ਮਹਾਂਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਸਥਿਤੀ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ । ਰੋਜ਼ਾਨਾ ਲਾਗ ਦੇ ਮਾਮਲਿਆਂ ਵਿੱਚ ਇੱਕ ਨਵਾਂ ਰਿਕਾਰਡ ਬਣ ਰਿਹਾ ਹੈ। ਇਸ ਦੇ ਤਹਿਤ ਮਹਾਂਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ 19 ਦੇ 7074 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 295 ਲੋਕਾਂ ਦੀ ਮੌਤ ਹੋ ਗਈ ਹੈ । ਮਹਾਂਰਾਸ਼ਟਰ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਇੱਕ ਦਿਨ ਵਿੱਚ 7 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ।