Biba Harsimrat Kaur : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਸਾਈਪ੍ਰਸ ਵਿਚ ਫਸੇ ਨੌਜਵਾਨਾਂ ਨੂੰ ਵਾਪਸ ਵਤਨ ਪਰਤਣ ਲਈ ਕੀਤੇ ਗਏ ਯਤਨ ਰੰਗ ਲਿਆਉਣ ਲੱਗੇ ਹਨ। ਇਸੇ ਅਧੀਨ 15 ਜੁਲਾਈ ਨੂੰ ਸਾਈਪ੍ਰਸ ਵਿਚ ਫਸੇ ਪੰਜਾਬੀ ਭੈਣ-ਭਰਾਵਾਂ ਦੀ ਵਤਨ ਵਾਪਸੀ ਦੀ ਸ਼ੁਰੂਆਤ ਹੋ ਜਾਵੇਗੀ। ਇਥੇ ਜ਼ਿਕਰਯੋਗ ਹੈ ਕਿ ਸਾਈਪ੍ਰਸ ਵਿਚ ਲਗਭਗ 120 ਪੰਜਾਬੀ ਨੌਜਵਾਨ ਫਸੇ ਹੋਏ ਹਨ। ਜਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੋਮਾਣਾ ਦੀਆਂ ਕੋਸ਼ਿਸ਼ਾਂ ਸਦਕਾ ਇਹ ਮਾਮਲਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਧਿਆਨ ਵਿਚ ਲਿਆਂਦਾ ਗਿਆ ਸੀ।
ਬੀਬਾ ਹਰਸਿਮਰਤ ਕੌਰ ਬਾਦਲ ਨੇ ਸਾਈਪ੍ਰਸ ਵਿਚ ਫਸੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੀਬਾ ਬਾਦਲ ਨੇ ਇਹ ਮੁੱਦਾ ਵਿਦੇਸ਼ ਮੰਤਰੀ ਡਾ. ਐੱਸ. ਜੇ. ਸ਼ੰਕਰ ਕੋਲ ਚੁੱਕਿਆ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਫਸੇ ਨੌਜਵਾਨਾਂ ਨੂੰ ਵਤਨ ਵਾਪਸੀ ਲਈ ਅਪੀਲ ਕੀਤੀ ਜਿਸ ਅਧੀਨ ਕਾਰਵਾਈ ਕਰਦੇ ਹੋਏ ਭਾਰਤੀ ਹਾਈ ਕਮਿਸ਼ਨ ਸਾਈਪ੍ਰਸ ਨੂੰ ਪੰਜਾਬੀ ਨੌਜਵਾਨਾਂ ਨੂੰ ਵਾਪਸ ਵਤਨ ਪਰਤਣ ਲਈ ਪ੍ਰਬੰਧ ਕੀਤੇ ਗਏ।
ਜਿਲ੍ਹਾ ਲੁਧਿਆਣਾ ਦਿਹਾਤੀ ਯੂਥ ਅਕਾਲੀ ਦਲ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਇਸ ਮਾਮਲੇ ਗੰਭੀਰਤਾ ਨਾਲ ਲਿਆ ਅਤੇ ਤੁਰੰਤ ਹੀ ਇਸ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਸਾਈਪ੍ਰਸ ਵਿਚ ਫਸੇ ਪੰਜਾਬੀਆਂ ਨੂੰ ਵਤਨ ਵਾਪਸੀ ਲਈ ਵਿਸ਼ੇਸ਼ ਹਵਾਈ ਉਡਾਣ ਦੇ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਕਿਹਾ। ਪ੍ਰਭਜੋਤ ਸਿੰਘ ਧਾਲੀਵਾਲ ਨੇ ਸਾਈਪ੍ਰਸ ਵਿਚ ਫਸੇ ਪੰਜਾਬੀਆਂ ਦੀ ਵਤਨ ਵਾਪਸੀ ਲਈ ਕੀਤੇ ਗਏ ਉਪਰਾਲਿਆਂ ਲਈ ਬੀਬਾ ਹਰਸਿਮਰਤ ਕੌਰ ਬਾਦਲ ਤੇ ਵਿਦੇਸ਼ ਮੰਤਰੀ ਡਾ. ਐੱਸ. ਜੇ. ਸ਼ੰਕਰ ਦਾ ਸ਼ੁਕਰੀਆ ਅਦਾ ਕੀਤਾ।