Corona Positive was reported after : ਫਾਜ਼ਿਲਕਾ ਜ਼ਿਲੇ ਵਿਚ ਜਲਾਲਾਬਾਦ ਹਲਕੇ ਵਿਚ ਇਕ 50 ਸਾਲਾ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਪਿੰਡ ਰੱਤਾ ਖੇੜਾ ਦਾ ਰਹਿਣ ਵਾਲਾ ਇਹ ਵਿਅਕਤੀ ਬ੍ਰੇਨ ਟਿਊਮਰ ਤੋਂ ਪੀੜਤ ਸੀ। 12 ਜੁਲਾਈ ਨੂੰ ਲਿਵਰ ਵਿਚ ਤਕਲੀਫ ਹੋਣ ਕਾਰਨ ਉਸ ਨੂੰ ਆਦੇਸ਼ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੇ ਕੋਰੋਨਾ ਟੈਸਟ ਦੇ ਸੈਂਪਲ ਲਏ ਗਏ ਸਨ। ਰਿਪੋਰਟ ਆਉਣ ਤੋਂ ਪਹਿਲਾਂ ਹੀ ਉਸੇ ਰਾਤ ਉਸ ਦੀ ਮੌਤ ਹੋ ਗਈ। ਕਿਉਂਕਿ ਅਜੇ ਉਸ ਦੀ ਕੋਰੋਨਾ ਟੈਸਟ ਦੀ ਰਿਪੋਰਟ ਨਹੀਂ ਆਈ ਸੀ ਇਸ ਲਈ ਲਾਸ਼ ਨੂੰ ਮ੍ਰਿਤਕਾਂ ਦੇ ਹਵਾਲੇ ਨਹੀਂ ਕੀਤਾ ਗਿਆ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ 13 ਜੁਲਾਈ ਨੂੰ ਉਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਗਈ, ਜਿਸ ’ਤੇ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਮੈਡੀਕਲ ਟੀਮਾਂ ਫਰੀਦਕੋਟ ਰਵਾਨਾ ਹੋ ਚੁੱਕੀਆਂ ਹਨ, ਜਿਥੇ ਲਾਸ਼ ਨੂੰ ਪਿੰਡ ਵਿਚ ਲਿਆ ਕੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਨਿਗਰਾਨੀ ਹੇਠ ਸਸਕਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਉਸ ਦੇ ਸੰਪਰਕ ਵਿਚ ਆਏ ਪਰਿਵਾਰਕ ਮੈਂਬਰਾਂ ਨੂੰ ਕੁਆਰੰਟਾਈਨ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸੈਂਪਲ ਲਏ ਜਾਣਗੇ। ਦੱਸ ਦੇਈਏ ਕਿ ਫਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਦੇ 109 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 97 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਥੇ ਹੀ ਫਾਜ਼ਿਲਕਾ ਵਿਚ ਕੋਰੋਨਾ ਨਾਲ ਪਹਿਲਾਂ ਵੀ ਇਕ ਮੌਤ ਹੋ ਚੁੱਕੀ ਹੈ ਤੇ ਹੁਣ ਇਸ ਵਿਅਕਤੀ ਦੀ ਮੌਤ ਤੋਂ ਬਾਅਦ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਬੀਤੇ ਦਿਨ ਸੂਬੇ ਵਿਚੋਂ 423 ਮਾਮਲੇ ਸਾਹਮਣੇ ਆਏ ਹਨ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿਚ ਹੁਣ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵੀ 204 ਹੋ ਗਿਆ ਹੈ।