IMD issues orange alert: ਮੁੰਬਈ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ ਵਿੱਚ ਅੱਜ ਸ਼ਾਮ ਨੂੰ ਹਾਈ ਟਾਈਡ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮੁੰਬਈ ਅਤੇ ਇਸ ਦੇ ਆਸ-ਪਾਸ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ । ਮੰਗਲਵਾਰ ਦੀ ਰਾਤ ਨੂੰ ਵੀ ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰੁਕ-ਰੁਕ ਕੇ ਬਾਰਿਸ਼ ਹੋਈ । IMD ਵੱਲੋਂ ਮੁੰਬਈ, ਠਾਣੇ, ਪਾਲਘਰ, ਰਾਏਗੜ, ਰਤਨਗਿਰੀ ਅਤੇ ਸਿੰਧੁਦੁਰਗ ਲਈ 15 ਜੁਲਾਈ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਮੰਗਲਵਾਰ ਨੂੰ ਉੱਤਰੀ ਭਾਰਤ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਵੇਖਣ ਨੂੰ ਮਿਲੀ । ਮੇਘਾਲਿਆ ਦੇ ਪੱਛਮੀ ਗਾਰੋ ਹਿਲਜ਼ ਜ਼ਿਲ੍ਹੇ ਵਿੱਚ ਹੜ੍ਹ ਨਾਲ 89,000 ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਆਈਐਮਡੀ ਨੇ ਮਹਾਂਰਾਸ਼ਟਰ ਦੇ ਮੁੰਬਈ, ਠਾਣੇ, ਪਾਲਘਰ ਅਤੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਰਾਏਗੜ, ਰਤਨਾਗਿਰੀ, ਸਿੰਧੂਦੁਰਗ ਦੇ ਨਾਲ-ਨਾਲ ਪੱਛਮੀ ਮਹਾਂਰਾਸ਼ਟਰ ਵਿੱਚ ਪੁਣੇ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੋਲਹਾਪੁਰ, ਸਤਾਰਾ, ਔਰੰਗਾਬਾਦ ਅਤੇ ਜਾਲਨਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਸ ਸਬੰਧੀ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਹਾਂਰਾਸ਼ਟਰ ਦੇ ਮਰਾਠਵਾੜਾ ਅਤੇ ਕੋਂਕਣ ਖੇਤਰਾਂ ਲਈ ਮੰਗਲਵਾਰ ਅਤੇ ਬੁੱਧਵਾਰ ਨੂੰ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।