267 Pawan Saroop disappearance : ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ 267 ਸਰੂਪਾਂ ਦੇ ਘੱਟ ਪਾਏ ਜਾਣ ਦੇ ਮਾਮਲੇ ਦੀ ਜਾਂਚ ਹੁਣ ਹਾਈਕੋਰਟ ਦੀ ਸੇਵਾ ਮੁਕਤ ਜੱਜ ਜਸਟਿਸ ਨਵਿਤਾ ਸਿੰਘ ਅਤੇ ਤੇਲੰਗਾਨਾ ਹਾਈਕੋਰਟ ਦੇ ਐਡਵੋਕੇਟ ਸ. ਈਸ਼ਰ ਸਿੰਘ ਵੱਲੋਂ ਕੀਤੀ ਜਾਵੇਗੀ, ਜਿਸ ਨੂੰ ਇਕ ਮਹੀਨੇ ਵਿਚ ਮੁਕੰਮਲ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਾਂਚ ਦੀ ਰਿਪੋਰਟ ਸ੍ਰੀ ਅਕਾਲ ਤਖਤ ਨੂੰ ਮਿਲਣ ਤੋਂ ਬਾਅਦ ਅਗਲੇਰੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੇ ਘੱਟ ਹੋਣ ਸਬੰਧੀ ਪੰਥ ਅੰਦਰ ਕਾਫੀ ਖਦਸ਼ੇ ਪਾਏ ਜਾ ਰਹੇ ਹਨ ਅਤੇ ਸਿੱਖ ਸੰਗਤ ਇਸ ਦੀ ਸੱਚਾਈ ਜਾਣਨਾ ਚਾਹੁੰਦੀ ਹੈ, ਜਿਸ ਦੇ ਚੱਲਦਿਆਂ ਇਸ ਦੀ ਨਿਰਪੱਖ ਜਾਂਚ ਕਰਵਾਉਣ ਲਈ ਇਸ ਦੀ ਪੜਤਾਲ ਦਾ ਜ਼ਿੰਮਾ ਸੇਵਾਮੁਕਤ ਜਸਟਿਸ ਹਾਈਕੋਰਟ ਨਵਿਤਾ ਸਿੰਘ ਨੂੰ ਸੌਂਪਿਆ ਗਿਆ ਹੈ, ਜਿਸ ਵਿਚ ਤੇਲੰਗਾਨਾ ਹਾਈਕੋਰਟ ਦੇ ਐਡਵੋਕੇਟ ਸ. ਈਸ਼ਰ ਸਿੰਘ ਉਨ੍ਹਾਂ ਨੂੰ ਸਹਿਯੋਗ ਦੇਣਗੇ। ਜਾਂਚ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਨ੍ਹਾਂ ਨੂੰ ਲੋੜ ਪੈਣ ’ਤੇ ਅਕਾਊਂਟ ਦੇ ਮਾਹਿਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀ/ਅਧਿਕਾਰੀ ਅਤੇ ਵਿਦਵਾਨਾਂ ਵੱਲੋਂ ਵੀ ਸਹਿਯੋਗ ਕੀਤਾ ਜਾਵੇਗਾ, ਜਿਸ ਦੀ ਰਿਪੋਰਟ ਉਹ ਇਕ ਮਹੀਨੇ ਦੇ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੇਣਗੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਪਹਿਲਾਂ ਆਪਣੇ ਪੱਧਰ ’ਤੇ ਕਰਵਾਉਣ ਦੇ ਐਲਾਨ ’ਤੇ ਹੋਏ ਵਿਰੋਧ ਦੇ ਚੱਲਦਿਆਂ ਅੰਤਰਿੰਗ ਕਮੇਟੀ ਵੱਲੋਂ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਸੌਂਪਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਜਥੇਦਾਰ ਦੇ ਹੁਕਮਾਂ ’ਤੇ ਪਬਲੀਕੇਸ਼ਨ ਵਿਭਾਗ ਦੇ ਸਬੰਧਤ ਵਿੰਗ ਨੂੰ ਸੀਲ ਕਰ ਦਿੱਤਾ ਗਿਆ ਸੀ।