Heavy Rains Lash Delhi-NCR: ਨਵੀਂ ਦਿੱਲੀ: ਦਿੱਲੀ-ਐੱਨ.ਸੀ.ਆਰ. ਸਣੇ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਿੱਚ ਮਾਨਸੂਨ ਨੇ ਰਫ਼ਤਾਰ ਫੜ੍ਹ ਲਈ ਹੈ । ਰਾਜਧਾਨੀ ਦਿੱਲੀ ਵਿੱਚ ਐਤਵਾਰ ਤੜਕੇ ਤੋਂ ਹੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਗਰਮੀ ਤੋਂ ਰਾਹਤ ਮਿਲੀ ਹੈ । ਦਿੱਲੀ ਵਿੱਚ ਭਾਰੀ ਬਾਰਿਸ਼ ਨਾਲ ਕਈ ਥਾਵਾਂ ‘ਤੇ ਸੜਕਾਂ ‘ਤੇ ਪਾਣੀ ਭਰ ਗਿਆ ਹੈ।
ਇਸ ਤੋਂ ਇਲਾਵਾ, ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬੂੰਦਾ-ਬਾਂਦੀ ਅਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਹਰਿਆਣਾ, ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਭਾਰੀ ਬਾਰਿਸ਼ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਉਥੇ ਹੀ ਦੂਜੇ ਪਾਸੇ ਦੱਖਣੀ ਗੁਜਰਾਤ ਵਿੱਚ ਵੀ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ ।
ਦਰਅਸਲ, ਮੌਸਮ ਵਿਭਾਗ ਨੇ ਸ਼ਨੀਵਾਰ ਦੀ ਭਵਿੱਖਬਾਣੀ ਵਿੱਚ ਕਿਹਾ ਕਿ ਐਤਵਾਰ ਤੋਂ ਹੀ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਲਗਾਤਾਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਉੱਤਰ ਵੱਲ ਵਧੇਗਾ ਅਤੇ ਅਗਲੇ 3-4 ਦਿਨਾਂ ਤੱਕ ਸਥਿਰ ਰਹੇਗਾ । ਜਿਸ ਕਾਰਨ 19 ਤੋਂ 21 ਜੁਲਾਈ ਤੱਕ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ਪੱਛਮੀ ਬੰਗਾਲ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਮੂਸਲਾਧਾਰ ਬਾਰਿਸ਼ ਦਾ ਅਨੁਮਾਨ ਲਗਾਉਂਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਜਾਰੀ ਬਾਰਿਸ਼ ਕਾਰਨ ਲੋਕਾਂ ਨੂੰ ਨਮੀ ਦੀ ਗਰਮੀ ਤੋਂ ਰਾਹਤ ਮਿਲੇਗੀ, ਪਰ ਭਾਰੀ ਬਾਰਿਸ਼ ਕਾਰਨ ਆਸਾਮ ਅਤੇ ਹੋਰ ਉੱਤਰ-ਪੂਰਬੀ ਰਾਜਾਂ ਵਿੱਚ ਹੜ੍ਹ ਦੀ ਸਥਿਤੀ ਹੋਰ ਵਿਗੜ ਸਕਦੀ ਹੈ । ਉਤਰਾਖੰਡ ਅਤੇ ਪਹਾੜੀ ਰਾਜਾਂ ਵਿੱਚ ਲੈਂਡਸਲਾਈਡ ਹੋ ਸਕਦੀ ਹੈ।