Community transmission of COVID-19: ਭਾਰਤ ਵਿੱਚ ਕੋਰੋਨਾ ਵਾਇਰਸ ਲਗਾਤਾਰ ਤਬਾਹੀ ਮਚਾ ਰਿਹਾ ਹੈ । ਦੇਸ਼ ਵਿੱਚ ਹਰ ਰੋਜ਼ 34 ਹਜ਼ਾਰ ਤੋਂ ਵੱਧ ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 10 ਲੱਖ 38 ਹਜ਼ਾਰ 715 ਤੋਂ ਪਾਰ ਹੋ ਗਈ ਹੈ । ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦਾ ਕਹਿਣਾ ਹੈ ਕਿ ਭਾਰਤ ਵਿੱਚ ਕੋਰੋਨਾ ਦਾ ਕਮਿਊਨਿਟੀ ਸਪਰੈਡ ਸ਼ੁਰੂ ਹੋ ਗਿਆ ਹੈ ਅਤੇ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ।
IMA ਹਸਪਤਾਲ ਬੋਰਡ ਆਫ਼ ਇੰਡੀਆ ਦੇ ਚੇਅਰਪਰਸਨ ਡਾ: ਵੀ.ਕੇ. ਮੋਂਗਾ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ, ਜੋ ਕਿ ਇੱਕ ਬਹੁਤ ਹੀ ਖਤਰਨਾਕ ਸਥਿਤੀ ਹੈ । ਡਾ ਮੌਂਗਾ ਦੇ ਹਵਾਲੇ ਨਾਲ ਕਿਹਾ ਹੈ ਕਿ ਭਾਰਤ ਵਿੱਚ ਹਰ ਦਿਨ 30 ਹਜ਼ਾਰ ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸ ਵੱਧ ਰਹੇ ਹਨ । ਇਹ ਅਸਲ ਵਿੱਚ ਦੇਸ਼ ਲਈ ਬਹੁਤ ਬੁਰੀ ਸਥਿਤੀ ਹੈ। ਹੁਣ ਇਹ ਪੇਂਡੂ ਖੇਤਰਾਂ ਵਿੱਚ ਫੈਲ ਰਿਹਾ ਹੈ । ਇਹ ਮਾੜਾ ਸੰਕੇਤ ਹੈ।
ਡਾ. ਮੌਂਗਾ ਦਾ ਬਿਆਨ ਬਹੁਤ ਮਹੱਤਵਪੂਰਨ ਹੈ, ਕਿਉਂਕਿ ਕੇਂਦਰੀ ਸਿਹਤ ਮੰਤਰਾਲਾ ਲਗਾਤਾਰ ਕਹਿ ਰਿਹਾ ਹੈ ਕਿ ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਮਿਊਨਿਟੀ ਸਪਰੈਡ ਸ਼ੁਰੂ ਨਹੀਂ ਹੋਇਆ ਹੈ । ਕਈ ਸਿਹਤ ਮਾਹਿਰਾਂ ਨੇ ਕੇਂਦਰੀ ਸਿਹਤ ਮੰਤਰਾਲੇ ਦੇ ਇਸ ਦਾਅਵੇ ਨੂੰ ਚੁਣੌਤੀ ਵੀ ਦਿੱਤੀ ਹੈ । ਇਸਦੇ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ ।
ਦੱਸ ਦੇਈਏ ਕਿ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਰੀਜ਼ ਭਾਰਤ ਵਿੱਚ ਹਨ। ਸ਼ਨੀਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਹੁਣ ਤੱਕ 10 ਲੱਖ 38 ਹਜ਼ਾਰ 716 ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਤ ਹੋਏ ਹਨ, ਜਿਨ੍ਹਾਂ ਵਿੱਚੋਂ 26 ਹਜ਼ਾਰ 273 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਇਨ੍ਹਾਂ ਵਿੱਚੋਂ 6 ਲੱਖ 53 ਹਜ਼ਾਰ 751 ਵਿਅਕਤੀ ਠੀਕ ਹੋ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ।