Not even an inch : ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਪੂਰੀ ਤਰਾਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ ਜੰਗਲ ਦੀ ਇਕ ਇੰਚ ਵੀ ਜ਼ਮੀਨ ਲਈ ਜਾਵੇਗੀ। ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਮੁੱਖ ਮੰਤਰੀ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਕੁਝ ਲੋਕਾਂ ਨੇ ਇਹ ਕਿਹਾ ਕਿ ਜੰਗਲ ਨੂੰ ਉਜਾੜਿਆ ਜਾਵੇਗਾ ਜਦਕਿ ਇਸ ਗੱਲ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ।’’ ਇਸ ਇੰਡਸਟਰੀਅਲ ਪਾਰਕ ਲਈ ਸਰਕਾਰ ਨੇ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ ਤੇ ਗ੍ਰਾਮ ਪੰਚਾਇਤ ਤੋਂ 955 ਏਕੜ ਜ਼ਮੀਨ ਲਈ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੇ ਸਹਿਯੋਗ ਨਾਲ 75 ਲੱਖ ਬੂਟੇ ਲਾਏ ਜਾਣ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਉਹ ਖੁਦ ਵੀ ਪੰਜਾਬ ਨੂੰ ਹੋਰ ਹਰਿਆ-ਭਰਿਆ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਲੁਧਿਆਣਾ ਦੇ ਆਸ-ਪਾਸ ਦੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਮੱਤੇਵਾੜਾ ਜੰਗਲ ਬਚਾਉਣ ਲਈ ਇਕ ਬੈਠਕ ਰਣਜੋਧ ਸਿੰਘ ਦੀ ਅਗਵਾਈ ਵਿਚ ਹੋਈ। ਇਸ ਵਿਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਹਿੱਸਾ ਲਿਆ।
ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਿਕ ਪਾਰਕ ਦੀ ਰਹਿੰਦ-ਖੂੰਹਦ ਸਤਲੁਜ ਦਰਿਆ ਵਿੱਚ ਪਾ ਦਿੱਤੀ ਜਾਵੇਗੀ, ਨੂੰ ਗਲਤ ਕਰਾਰ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਤਾਜ਼ਾ ਨਿਯਮਾਂ ਮੁਤਾਬਕਾਂ ਆਧੁਨਿਕ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਦਯੋਗਿਕ ਪਾਰਕ ਨੂੰ ਵਿਕਸਤ ਕਰਨ ਦਾ ਉਦੇਸ਼ ਆਲਾ ਦਰਜੇ ਦਾ ਇੰਡਸਟਰੀਅਲ ਅਸਟੇਟ ਬਣਾਉਣਾ ਹੈ।