Jalandhar Police Strictly fined : ਜਲੰਧਰ : ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਿਯਮਾਂ ਦੀ ਪਾਲਣਾ ਕਰਨ ਹਿਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਲੋਕ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਤੋਂ ਬਾਜ਼ ਨਹੀਂ ਆ ਰਹੇ, ਇਸ ਦੇ ਬਦਲੇ ਉਨ੍ਹਾਂ ਨੂੰ ਜੁਰਮਾਨਾ ਭਰਨਾ ਮਨਜ਼ੂਰ ਹੈ। ਪੰਜਾਬ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਸਖਤੀ ਵਰਤਦਿਆਂ ਜਲੰਧਰ ਪੁਲਿਸ ਨੇ ਮਾਰਚ 2020 ਤੋਂ ਹੁਣ ਤੱਕ ਮਾਸਕ ਨਾ ਪਾਉਣ ਵਾਲੇ 21594 ਲੋਕਾਂ ਤੋਂ 1.01 ਕਰੋੜ ਤੱਕ ਦਾ ਜੁਰਮਾਨਾ ਵਸੂਲਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮਿਸ਼ਨ ਫਤਿਹ ਅਧੀਨ ਇਸ ਮੁਹਿੰਮ ਨੂੰ ਜਾਰੀ ਰਖਦਿਆਂ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 405 ਵਿਅਕਤੀਆਂ ਨੂੰ 92100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਹੁਣ ਤੱਕ 193 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 390000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਥੇ ਹੀ ਹੁਣ ਤੱਕ 46313 ਟਰੈਫਿਕ ਚਲਾਨ ਕਰਕੇ 2192 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰੇਟ ਵਲੋਂ 71 ਚਾਰ ਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰੇਟ ਵਲੋਂ ਬੀਤੇ ਦਿਨ ਵਿਚ ਹੀ 222 ਟਰੈਫਿਕ ਚਲਾਨ ਕੀਤੇ ਗਏ ਹਨ ਅਤੇ 245 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 122500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।