Instructions to private schools : ਚੰਡੀਗੜ੍ਹ : ਹੁਣ ਨਿੱਜੀ ਸਕੂਲ ਵਿਦਿਆਰਥੀਆਂ ਨੂੰ ਸਿਰਫ ਪ੍ਰਮਾਣਿਤ ਸੰਸਥਾਵਾਂ ਦੀਆਂ ਕਿਤਾਬਾਂ ਹੀ ਲਗਾ ਸਕਣਗੇ। ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰਖਦੇ ਹੋਏ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨੇਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ, ਜੋਕਿ ਮਹਿੰਗੀਆਂ ਕੀਮਤਾਂ ’ਤੇ ਵਿਦਿਆਰਥੀਆਂ ਨੂੰ ਖਰੀਦਣੀਆਂ ਪੈ ਰਹੀਆਂ ਹਨ, ਜਿਸ ਦਾ ਵਾਧੂ ਬੋਝ ਮਾਪਿਆਂ ਨੂੰ ਝੱਲਣਾ ਪੈਂਦਾ ਹੈ। ਇਸੇ ਗੱਲ ਨੂੰ ਧਿਆਨ ਵਿਚ ਰਖਦੇ ਹੋਏ ਸਿੱਖਿਆ ਵਿਭਾਗ ਨੇ ਫੈਸਲਾ ਲਿਆ ਹੈ ਕਿ ਇਹ ਕਿਤਾਬਾਂ ਪ੍ਰਮਾਣਿਤ ਸੰਸਥਾਵਾਂ ਵੱਲੋਂ ਹੀ ਪ੍ਰਕਾਸ਼ਿਤ ਹੋਣ, ਤਾਂਜੋ ਵਾਜਿਬ ਕੀਮਤਾਂ ’ਤੇ ਵਿਦਿਆਰਥੀਆਂ ਨੂੰ ਇਹ ਕਿਤਾਬਾਂ ਮੁਹੱਈਆ ਹੋ ਸਕਣ।