Special drive by : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਧੀਨ ਟਰਾਂਸਪੋਰਟ ਵਿਭਾਗ ਵੱਲੋਂ ਮੰਗਲਵਾਰ ਨੂੰ ਬੱਸਾਂ ਦੀ ਚੈਕਿੰਗ ਦੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਵਿੱਚ ਵਿਭਾਗ ਵੱਲੋਂ ਇਨ੍ਹਾਂ ਬੱਸਾਂ ਵਿੱਚ ਯਾਤਰਾ ਕਰ ਰਹੇ 3500 ਤੋਂ ਵੱਧ ਯਾਤਰੀਆਂ ਦੁਆਰਾ ਸਿਹਤ ਪ੍ਰੋਟੋਕਾਲ ਦੀ ਪਾਲਣਾ ਦਾ ਪਤਾ ਲਗਾਉਣ ਸਬੰਧੀ 186 ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਮੁਹਿੰਮ ਸੂਬੇ ਭਰ ਵਿੱਚ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਦੁਆਰਾ ਚਲਾਈ ਗਈ ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 96 ਵਿਅਕਤੀਆਂ ਨੇ ਮਾਸਕ ਨਹੀਂ ਪਾਏ ਹੋਏ ਸਨ ਜਿਸ ਕਾਰਨ ਉਨ੍ਹਾਂ ਦਾ ਮੌਕੇ ‘ਤੇ ਹੀ ਚਲਾਨ ਕੱਟਿਆ ਗਿਆ। ਇਸ ਗੱਲ ’ਤੇ ਤਸੱਲੀ ਜ਼ਾਹਰ ਕਰਦਿਆਂ ਕਿ ਜ਼ਿਆਦਾਤਰ ਲੋਕਾਂ ਵੱਲੋਂ ਸਿਹਤ ਅਤੇ ਯਾਤਰਾ ਸਬੰਧੀ ਐਡਵਾਇਜ਼ਰੀ ਦੀ ਪਾਲਣਾ ਕੀਤੀ ਜਾ ਰਹੀ ਹੈ ਰਾਜ ਟਰਾਂਸਪੋਰਟ ਮੰਤਰੀ ਸ਼੍ਰੀਮਤੀ ਰਜੀਆ ਸੁਲਤਾਨਾ ਨੇ ਕੋਵਿਡ-19 ’ਤੇ ਕਾਬੂ ਪਾਉਣ ਅਤੇ ਇਸ ਮਹਾਂਮਾਰੀ ਦੇ ਟਾਕਰੇ ਲਈ ਲੋਕਾਂ ਵੱਲੋਂ ਸਰਕਾਰ ਦੇ ਯਤਨਾਂ ਵਿੱਚ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।
ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਹੁਣ ਤੱਕ ਕੋਵਿਡ ਦੇ ਮਾਮਲਿਆਂ ਨੂੰ ਕਾਬੂ ਵਿੱਚ ਰੱਖਣ ਲਈ ਕਾਫ਼ੀ ਹੱਦ ਤੱਕ ਸਫ਼ਲ ਰਹੇ ਹਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਕਿ ਬੱਸਾਂ ਨੂੰ ਚਲਾਉਣ ਤੋਂ ਪਹਿਲਾਂ ਬੱਸਾਂ ਦੀ ਢੁੱਕਵੇਂ ਤਰੀਕੇ ਨਾਲ ਸਾਫ਼-ਸਫ਼ਾਈ ਕੀਤੀ ਜਾਵੇ। ਬੁਲਾਰੇ ਨੇ ਅੱਗੇ ਕਿਹਾ ਕਿ ਸਾਰੇ ਬੱਸ ਅੱਡਿਆਂ ’ਤੇ ਮਾਸਕ, ਸੈਨੀਟਾਈਜ਼ਰ ਅਤੇ ਦਸਤਾਨਿਆਂ ਦੀ ਉਪਲਬਧਤਾ ਵੀ ਲਾਜ਼ਮੀ ਕਰ ਦਿੱਤੀ ਗਈ ਹੈ ਤੇ ਸੂਬਾ ਸਰਕਾਰ ਵਲੋਂ ਇਨ੍ਹਾਂ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।