Plasma to be provided free : ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਦੇ ਇਲਾਜ ਲਈ ਸਰਕਾਰ ਵੱਲੋਂ ਪਲਾਜ਼ਮਾ ਮੁਫਤ ਮੁਹੱਈਆ ਕਰਵਾਇਆ ਜਾਵੇਗਾ। ਇਸ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਖਤ ਹੁਕਮ ਦਿੱਤੇ ਹਨ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥਰੈਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ। ਇਸ ਦੇ ਨਾਲ ਹੀ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਇਜਾਜ਼ਤ ਨਹੀਂ ਹੈ ਕਿਉਂਕਿ ਕੋਰੋਨਾ ਵਾਇਰਸ ਦੇ ਇਲਾਜ ਦੀ ਅਣਹੋਂਦ ਦੇ ਚੱਲਦਿਆਂ ਪਲਾਜ਼ਮਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਹਤਯਾਬ ਹੋਏ ਕੋਰੋਨਾ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਦੀ ਅਪੀਲ ਕਰਦਿਆਂ ਅੱਗੇ ਆਉਣ ਲਈ ਕਿਹਾ। ਕੋਵਿਡ ਦੀ ਸਮੀਖਿਆ ਲਈ ਵੀਡੀਓ ਕਾਨਫਰਿਸੰਗ ਰਾਹੀਂ ਹੋਈ ਇਕ ਮੀਟਿੰਗ ਵਿਚ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਮਰੀਜ਼ਾਂ ਨੂੰ ਆਪਣਾ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਤ ਕਰਨ ਵਾਸਤੇ ਕਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਕੋਵਿਡ ਦੇ ਤਕਰੀਬਨ 10,000 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਸੂਬੇ ਵਿੱਚ ਹਰੇਕ ਦੀ ਜ਼ਿੰਦਗੀ ਨੂੰ ਬਚਾਉਣਾ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਅੰਮ੍ਰਿਤਸਰ ਅਤੇ ਫਰੀਦਕੋਟ ਵਿਖੇ ਦੋ ਪਲਾਜ਼ਮਾ ਬੈਂਕ ਸਥਾਪਤ ਕਰਨ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਪਟਿਆਲਾ ਵਿਖੇ ਪਹਿਲਾਂ ਹੀ ਚੱਲ ਰਹੇ ਪਲਾਜ਼ਮਾ ਬੈਂਕ ਨੂੰ ਸਹਾਰਾ ਮਿਲ ਸਕੇ।