Demonstration by Freedom : ਸੰਗਰੂਰ : ਜਿਲ੍ਹਾ ਸੰਗਰੂਰ ਦੇ ਸੁਨਾਮ ਵਿਖੇ ਅੱਜ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਫ੍ਰੀਡਮ ਫਾਈਟਰਾਂ ਵਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ। ਕੁਝ ਨੇ ਪਟਿਆਲਾ ਬਠਿੰਡਾ ਹਾਈਵੇ ਨੂੰ ਜਾਮ ਕਰ ਦਿੱਤਾ ਅਤੇ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਤਾਂ ਉਹ ਆਪਣਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣਗੇ। ਉਨ੍ਹਾਂ ਨੇ ਸੜਕ ‘ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ।
ਫ੍ਰੀਡਮ ਫਾਈਟਰਾਂ ਦਾ ਕਹਿਣਾ ਹੈ ਕਿ ਉਹ ਬਹੁਤ ਲੰਬੇ ਸਮੇਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਉਨ੍ਹਾਂ ਦੀ ਇਕ ਵੀ ਨਹੀਂ ਸੁਣੀ ਗਈ। ਉਨ੍ਹਾਂ ਦੀਆਂ ਮੰਗਾਂ ਹਨ ਕਿ ਟੋਲ ਪਲਾਜ਼ਾ ‘ਤੇ ਛੋਟ ਦਿੱਤੀ ਜਾਵੇ। 500 ਯੂਨਿਟ ਬਿਜਲੀ ਮੁਆਫ ਕੀਤੀ ਜਾਵੇ ਤੇ ਪਰਿਵਾਰ ਕੇਦ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਨੌਕਰੀ ਵਿਚ ਉਨ੍ਹਾਂ ਦਾ ਕੋਟਾ ਪਹਿਲਾਂ 2 ਫੀਸਦੀ ਸੀ ਜਿਸ ਨੂੰ ਸਰਕਾਰ ਵਲੋਂ ਘਟਾ ਕੇ 1 ਫੀਸਦੀ ਕਰ ਦਿੱਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਵਲੋਂ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਖਿਲਾਫ ਆਏ ਦਿਨ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਅੱਜ ਤਪਾ ਮੰਡੀ ਵਿਖੇ ਵੀ ਔਰਤਾਂ ਵਲੋਂ ਕੈਪਟਨ ਦੇ ਲਗਾਏ ਗਏ ਲਾਰਿਆਂ ‘ਤੇ ਤਿੱਖਾ ਵਿਅੰਗ ਕੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਸਰਕਾਰ ਵਲੋਂ ਵਾਅਦੇ ਤਾਂ ਬਹੁਤ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਸਿਰੇ ਨਹੀਂ ਚਾੜ੍ਹਿਆ ਜਾਂਦਾ।