One Hundred Ten corona cases : ਕੋਰੋਨਾ ਦੇ ਲਗਾਤਾਰ ਪੰਜਾਬ ਵਿਚ ਵਧਦੇ ਕਹਿਰ ਦੌਰਾਨ ਜਲੰਧਰ ਜ਼ਿਲੇ ਤੋਂ ਵੱਡੀ ਗਿਣਤੀ ਵਿਚ 87 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਉਥੇ ਹੀ ਤਰਨਤਾਰਨ ਜ਼ਿਲੇ ਤੋਂ ਕੋਰੋਨਾ ਦੇ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਅੱਜ ਸਵੇਰੇ ਜਲੰਧਰ ਵਿਚ ਪਹਿਲਾਂ 17 ਲੋਕਾਂ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ, ਤੇ ਹੁਣ ਫਰੀਦਕੋਟ ਮੈਡੀਕਲ ਕਾਲਜ ਤੋਂ ਪ੍ਰਾਪਤ ਹੋਈ ਰਿਪੋਰਟ ਵਿਚ 70 ਹੋਰ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅੱਜ ਕੋਰੋਨਾ ਕਰਕੇ ਜ਼ਿਲ੍ਹੇ ਵਿਚ ਚਾਰ ਹੋਰ ਮੌਤਾਂ ਵੀ ਹੋ ਗਈਆਂ ਹਨ। ਦੱਸ ਦੇਈਏ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2337 ਹੋ ਗਈ ਹੈ, ਜਿਨ੍ਹਾਂ ਵਿਚੋਂ 1711 ਲੋਕ ਠੀਕ ਹੋਣ ‘ਤੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਜ਼ਿਲੇ ਵਿਚ 58 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਜ਼ਿਲੇ ਵਿਚ ਕੋਰੋਨਾ ਦੇ 561 ਮਾਮਲੇ ਐਕਟਿਵ ਹਨ।
ਤਰਨਤਾਰਨ ਤੋਂ ਸਾਹਮਣੇ ਆਏ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਅਨੂਪ ਕੁਮਾਰ ਨੇ ਦੱਸਿਆ ਕਿ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਕੁਲ ਕੇਸਾਂ ਦੀ ਗਿਣਤੀ ਵਧ ਕੇ 383 ਹੋ ਗਈ ਹੈ, ਜਿਨ੍ਹਾਂ ਵਿਚੋਂ 236 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਥੇ ਹੀ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਨਾਲ 10 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦੱਸ ਦੇਈਏ ਕਿ ਪੂਰੇ ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 17 ਲੱਖ ਦੇ ਕਰੀਬ ਪਹੁੰਚ ਚੁੱਕੀ ਹੈ। ਉਥੇ ਹੀ ਹੁਣ ਤੱਕ ਦੇਸ਼ ਵਿਚ ਕੋਰੋਨਾ ਨਾਲ 36,511 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਜਾੜੀ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 57,117 ਮਾਮਲੇ ਸਾਹਮਣੇ ਆਏ ਹਨ, ਜਦਕਿ 764 ਲੋਕਾਂ ਦੀ ਇਸ ਮਹਾਮਾਰੀ ਨਾਲ ਜਾਨ ਗਈ ਹੈ। ਉਥੇ ਹੀ 36,569 ਲੋਕਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹੁਣ ਤੱਕ ਦੇਸ਼ ਵਿਚ 10,94,374 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ।