Concern expressed by : ਸੂਬੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਕੇਸਾਂ ਦਾ ਵੱਧਦਾ ਅੰਕੜਾ ਸਾਹਮਣੇ ਆ ਰਿਹਾ ਹੈ। ਸੂਬੇ ‘ਚ ਸ਼ੁੱਕਰਵਾਰ ਨੂੰ 665 ਕੇਸ ਰਿਪੋਰਟ ਹੋਏ ਅਤੇ ਵੱਖ-ਵੱਖ ਉਲੰਘਣਾ ਲਈ 4900 ਚਲਾਨ ਜਾਰੀ ਕੀਤੇ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਸਬੰਧੀ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਕੇ ਪੰਜਾਬੀਆਂ ਦੇ ਜੀਵਨ ਨੂੰ ਜੋਖਮ ਵਿੱਚ ਪਾਉਣ ਵਾਲੇ ਲੋਕਾਂ ਦੇ ਗ਼ੈਰ-ਜ਼ਿੰਮੇਵਾਰੀ ਵਾਲੇ ਵਤੀਰੇ ਨੂੰ ਗੰਭੀਰਤਾ ਨਾਲ ਲਿਆ ਹੈ।ਉਨ੍ਹਾਂ ਇਸ ਦੇ ਭਿਆਨਕ ਨਤੀਜਿਆਂ ਤੋਂ ਸਾਵਧਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੜਕਾਂ ‘ਤੇ ਨਾ ਥੁੱਕਣਾ ਏਨਾ ਔਖਾ ਕਿਉਂ ਹੈ? ਮੁੱਖ ਮੰਤਰੀ ਵੱਲੋਂ ਉਨ੍ਹਾਂ ਲੋਕਾਂ ਨੂੰ, ਜੋ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਲਈ ਉਨ੍ਹਾਂ ਵੱਲੋਂ ਕੀਤੀਆਂ ਲਗਾਤਾਰ ਅਪੀਲਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ, ਨੂੰ ਪੁੱਛਿਆ ਗਿਆ ਕਿ,‘‘ ਕੀ ਤੁਹਾਨੂੰ ਆਪਣੇ ਪੰਜਾਬੀ ਭੈਣ-ਭਰਾਵਾਂ ਦਾ ਕੋਈ ਫਿਕਰ ਨਹੀਂ।’’ ਮੁੱਖ ਮੰਤਰੀ ਨੇ ਕਿਹਾ ਕਿ ਜੇ ਪੰਜਾਬੀਆਂ ਵਲੋਂ ਕੋਵਿਡ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਇਥੇ ਵੀ ਮਹਾਰਾਸ਼ਟਰ ਤੇ ਦਿੱਲੀ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ।
‘ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕਿਹਾ ਕਿ ਭਾਰਤ ਸਰਕਾਰ ਦੇ ਅਨਲੌਕ-3.0 ਸਬੰਧੀ ਨਿਰਦੇਸ਼ਾਂ ਮੁਤਾਬਕ ਉਨ੍ਹਾਂ ਦੀ ਸਰਕਾਰ ਵੱਲੋਂ 5 ਅਗਸਤ ਤੋਂ ਜਿੰਮ ਖੋਲਣ ਸਬੰਧੀ ਐਲਾਨ ਕੀਤਾ ਗਿਆ ਹੈ, ਇਸਦੇ ਚੱਲਦਿਆਂ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਲਦ ਹੀ ਜਾਰੀ ਕੀਤੇ ਜਾਣ ਵਾਲੇ ਨਿਰਦੇਸ਼ਾਂ ਅਤੇ ਸੁਰੱਖਿਆ ਉਪਾਵਾਂ ਨੂੰ ਸਖਤੀ ਨਾਲ ਅਪਣਾਉਣਾ ਹੋਵੇਗਾ। ਕੋਵਿਡ ਹੋਣ ਬਾਰੇ ਜਲਦ ਪਤਾ ਕਰਨ ਅਤੇ ਸਾਵਧਾਨੀਆਂ ਅਪਣਾਏ ਜਾਣ ਦੀ ਮਹੱਤਤਾ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਪੀਲ ਨੂੰ ਦਹੁਰਾਇਆ ਕਿ ਠੀਕ ਹੋ ਚੁੱਕੇ ਕੋਵਿਡ ਮਰੀਜ਼ਾਂ ਆਪਣਾ ਪਲਾਜ਼ਮਾ ਦਾਨ ਕਰਨ ਜਿਸ ਖਾਤਰ ਸੂਬੇ ਅੰਦਰ ਇਕ ਪਲਾਜ਼ਮਾ ਬੈਂਕ ਪਹਿਲਾਂ ਹੀ ਚਾਲੂ ਹੋ ਚੁੱਕਿਆ ਹੈ ਅਤੇ ਦੋ ਹੋਰ ਸਥਾਪਤ ਕਰਨ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ। ਉਨਾਂ ਕਿਹਾ ਕਿ, ‘‘ਜੇਕਰ ਮੈਂ ਠੀਕ ਹੋਇਆ ਮਰੀਜ਼ ਹੁੰਦਾ ਤਾਂ ਮੈਂ ਆਪਣਾ ਪਲਾਜ਼ਮਾ ਜ਼ਰੂਰ ਦਿੰਦਾ।’’ ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਉਨਾਂ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ‘ਚ ਪਲਾਜ਼ਮਾਂ ਮੁਫਤ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬਹਾਦਰੀ ਪੁਰਸਕਾਰ ਜੇਤੂਆਂ ਨੂੰ ਵਨ-ਸਟੈਪ ਤਰੱਕੀ ਦੇਣ ਲਈ ਪ੍ਰਤੀਬੱਧ ਹੈ। ਉਨ੍ਹਾਂ ਬਲਕਾਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਲਾਭ ਲਈ ਯੋਗ ਹਨ ਅਤੇ ਇਹ ਜਲਦੀ ਮੁਹੱਈਆ ਕਰਵਾਇਆ ਜਾਵੇਗਾ। ਕੁਝ ਪੰਜਾਬ ਗਾਇਕਾਂ ਵੱਲੋਂ ਬੰਦੂਕ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਪ੍ਰਸੰਗ ਵਿੱਚ ਮੁੱਖ ਮੰਤਰੀ ਵੱਲੋਂ ਸਮੁੱਚੇ ਗਾਇਕਾਂ ਨੂੰ ਅਜਿਹੇ ਗਾਣੇ ਨਾ ਗਾਉਣ ਅਤੇ ਇਸ ਦੀ ਥਾਂ ਪੰਜਾਬੀ ਸਭਿਆਚਾਰ ਅਤੇ ਸੋਚ ਪ੍ਰਤੀ ਪ੍ਰੇਰਨ ਦੀ ਅਪੀਲ ਕੀਤੀ ਗਈ। ਉਨਾਂ ਰਾਜਪੁਰਾ ਵਾਸੀ, ਜਿਸ ਵੱਲੋਂ ਇਸ ਮੁੱਦੇ ਬਾਰੇ ਚਿੰਤਾ ਜਤਾਈ ਗਈ, ਨੂੰ ਦੱਸਿਆ ਕਿ ਗਾਇਕਾਂ ਨੂੰ ਗ੍ਰਿਫਤਾਰ ਕਰਨਾ ਅਸਲ ਵਿੱਚ ਕੋਈ ਹੱਲ ਨਹੀਂ ਅਤੇ ਇਨਾਂ ਲੋਕਾਂ ਨੂੰ ਨੌਜਵਾਨਾਂ ਉੱਪਰ ਅਜਿਹੇ ਗੀਤਾਂ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਸਮਝਣਾ ਚਾਹੀਦਾ ਹੈ।