arvind kejriwal demand cbi probe: ਨਵੀਂ ਦਿੱਲੀ: ਪੰਜਾਬ ਵਿੱਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਦੀ ਹੁਣ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਥਾਨਕ ਪੁਲਿਸ ਵੱਲੋਂ ਪਿੱਛਲੇ ਕੁੱਝ ਮਹੀਨਿਆਂ ਵਿੱਚ ਨਕਲੀ ਸ਼ਰਾਬ ਦੇ ਮਾਮਲਿਆਂ ਵਿੱਚ ਕੋਈ ਕੇਸ ਹੱਲ ਨਹੀਂ ਕੀਤਾ ਗਿਆ, ਇਸ ਲਈ ਇਸ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਹੋਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਕਲੀ ਸ਼ਰਾਬ ਦੀ ਕਾਰਨ ਆਪਣੀ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਨਾਲ ਵੀ ਦੁਖ ਜ਼ਾਹਿਰ ਕੀਤਾ ਹੈ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਰਾਬ ਮਾਫੀਆ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਦੇਰ ਰਾਤ ਤੱਕ 86 ਮੌਤਾਂ ਹੋਈਆਂ ਹਨ। ਰਾਜ ਸਰਕਾਰ ਨੇ ਇਸ ਮਾਮਲੇ ‘ਚ ਲਾਪ੍ਰਵਾਹੀ ਲਈ ਦੋ ਡੀਐਸਪੀ, ਚਾਰ ਐਸਐਚਓ ਅਤੇ ਸੱਤ ਆਬਕਾਰੀ ਅਧਿਕਾਰੀ ਮੁਅੱਤਲ ਕਰ ਦਿੱਤੇ ਹਨ। ਪੁਲਿਸ ਦੇ ਅਨੁਸਾਰ ਟਰੱਕ ਡਰਾਈਵਰ ਬਾਹਰੀ ਸੂਬਿਆਂ ਤੋਂ ਨਕਲੀ ਸ਼ਰਾਬ ਲਿਆ ਕੇ ਢਾਬਿਆਂ ‘ਤੇ ਸਪਲਾਈ ਕਰਦੇ ਹਨ, ਜਿਸ ਤੋਂ ਬਾਅਦ ਸ਼ਰਾਬ ਤਸਕਰ ਪਿੰਡ ਵਾਸੀਆਂ ਨੂੰ ਇਹ ਸ਼ਰਾਬ ਵੇਚਦੇ ਸਨ।
ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਰਾਜ ਵਿੱਚ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਦੌਰਾਨ 17 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ, ਗੁਰਦਾਸਪੁਰ ਦੇ ਬਟਾਲਾ ਅਤੇ ਤਰਨਤਾਰਨ ‘ਚ ਸ਼ਰਾਬ ਪੀਣ ਕਾਰਨ ਹੋਈ ਮੌਤ ਦੀ ਘਟਨਾ ਤੋਂ ਬਾਅਦ ਸ਼ੁੱਕਰਵਾਰ ਨੂੰ ਪੁਲਿਸ ਨੇ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਹੁਣ ਤੱਕ 25 ਲੋਕ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਰਨਤਾਰਨ ਵਿੱਚ 63, ਅੰਮ੍ਰਿਤਸਰ ਵਿੱਚ 12 ਅਤੇ ਗੁਰਦਾਸਪੁਰ ਦੇ ਬਟਾਲਾ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ। ਆਬਕਾਰੀ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਦੀ ਛਾਪੇਮਾਰੀ ਵਿੱਚ ਜ਼ਬਤ ਕੀਤੀ ਗਈ ਸਮੱਗਰੀ ਦੇ ਰਸਾਇਣਕ ਵਿਸ਼ਲੇਸ਼ਣ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ, ਪਰ ਸਤਹ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਅਜਿਹਾ ਪਦਾਰਥ ਹੈ ਜੋ ਪੇਂਟ ਜਾਂ ਹਾਰਡਵੇਅਰ ਉਦਯੋਗ ਵਿੱਚ ਵਰਤਿਆ ਜਾਂਦਾ ਹੈ।