Punjab death toll : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਐਤਵਾਰ ਨੂੰ ਤਰਨਤਾਰਨ ‘ਚ 17 ਤੇ ਬਟਾਲਾ ‘ਚ ਦੋ ਲੋਕਾਂ ਨੇ ਦਮ ਤੋੜ ਦਿੱਤਾ। ਸੂਬੇ ਵਿਚ ਹੁਣ ਤਕ ਜ਼ਹਿਰੀਲੀ ਸ਼ਰਾਬ ਨਾਲ 105 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕੱਲੇ ਤਰਨਤਾਰਨ ਵਿਚ 80 ਲੋਕ ਜ਼ਹਿਰੀਲੀ ਸ਼ਰਾਬ ਕਾਰਨ ਮੌਤ ਦੇ ਮੂੰਹ ਵਿਚ ਚਲੇ ਗਏ। ਇਸ ਤੋਂ ਇਲਾਵਾ ਬਟਾਲਾ ਵਿਚ ਕੁੱਲ 13 ਅਤੇ ਅੰਮ੍ਰਿਤਸਰ ਵਿਚ 12 ਲੋਕਾਂ ਦੀ ਜਾਨ ਗਈ ਹੈ। ਅੰਮ੍ਰਿਤਸਰ, ਪਠਾਨਕੋਟ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਪਟਿਆਲਾ ‘ਚ ਪੁਲਿਸ ਵਲੋਂ ਛਾਪੇ ਮਾਰ ਕੇ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲੇ 30 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ‘ਚ ਕਿਸੇ ਵੀ ਸਰਕਾਰੀ ਮੁਲਾਜ਼ਮ ਜਾਂ ਹੋਰ ਕਿਸੇ ਦੀ ਮਿਲੀਭੁਗਤ ਸਾਹਮਣੇ ਆਉਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਬਣਾਉਣ ਅਤੇ ਵੇਚਣ ਤੋਂ ਰੋਕਣ ‘ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਅਸਫਲਤਾ ਨੂੰ ਸ਼ਰਮਨਾਕ ਦੱਸਿਆ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਨਕਲੀ ਸ਼ਰਾਬ ਵੇਚਣ ਦੇ ਧੰਦੇ ਵਿਚ ਸ਼ਾਮਲ ਹਨ ਉਹ ਤੁਰੰਤ ਬੰਦ ਕਰ ਦਿਓ ਜਾਂ ਫਿਰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ।
ਇਸ ਕੇਸ ‘ਚ ਬੀਤੇ ਦਿਨੀਂ ਹੀ ਡਵੀਜ਼ਨਲ ਕਮਿਸ਼ਨਰ ਨੂੰ ਮੈਜਿਸਟ੍ਰੀਅਲ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਇਕ ਮਹੀਨੇ ਵਿਚ ਆਪਣੀ ਰਿਪੋਰਟ ਦੇਣ ਨੂੰਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਗੈਰ-ਕਾਨੂੰਨੀ ਗਤੀਵਿਧੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਤੇ ਜਲਦ ਹੀ ਦੋਸ਼ੀਆਂ ਨੂੰ ਲੱਭ ਕੇ ਕੇਸ ‘ਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਦੋਸ਼ ਤੈਅ ਕਰਨ ਦੇ ਹੁਕਮ ਦਿੱਤੇ ਗਏ ਹਨ।