Union Minister RS Prasad: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਕੇਂਦਰੀ ਮੰਤਰੀਆਂ ਨੇ ਆਪਣੇ ਆਪ ਨੂੰ ਆਈਸੋਲੇਟ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸਦੀ ਸ਼ੁਰੂਆਤ ਕੇਂਦਰੀ ਸੰਚਾਰ ਅਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਹੈ । ਰਵੀ ਸ਼ੰਕਰ ਪ੍ਰਸਾਦ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਸ਼ਨੀਵਾਰ ਸ਼ਾਮ ਨੂੰ ਰਵੀ ਸ਼ੰਕਰ ਪ੍ਰਸਾਦ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੀ ਤਰ੍ਹਾਂ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਵੀ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਗ੍ਰਹਿ ਸਕੱਤਰ ਉਦੋਂ ਤੱਕ ਸਵੈ ਕੁਆਰੰਟੀਨ ਵਿੱਚ ਰਹਿਣਗੇ, ਜਦੋਂ ਤੱਕ ਉਨ੍ਹਾਂ ਦੀ ਕੋਰੋਨਾ ਜਾਂਚ ਰਿਪੋਰਟ ਨਹੀਂ ਆ ਜਾਂਦੀ।
ਇਸ ਤੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਪਰਕ ਵਿੱਚ ਆਏ ਸਨ । ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਤੇ ਆਪਣੇ ਪਰਿਵਾਰ ਅਤੇ ਪੂਰੇ ਸਟਾਫ ਦਾ ਕੋਰੋਨਾ ਟੈਸਟ ਕਰਵਾਇਆ ਸੀ। ਰਾਹਤ ਦੀ ਗੱਲ ਹੈ ਕਿ ਹਰ ਕਿਸੇ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ । ਏਮਜ਼ ਦੀ ਟੀਮ ਨੇ ਗਜੇਂਦਰ ਸਿੰਘ ਸ਼ੇਖਾਵਤ ਅਤੇ ਉਨ੍ਹਾਂ ਦੇ ਪਰਿਵਾਰਕ ਸਟਾਫ ਦੀ ਜਾਂਚ ਕੀਤੀ ਸੀ।
ਗੌਰਤਲਬ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਜਾਂਚ ਦੀ ਰਿਪੋਰਟ ਕੱਲ੍ਹ ਹੀ ਪਾਜ਼ੀਟਿਵ ਆਈ ਹੈ। ਡਾਕਟਰਾਂ ਦੀ ਸਲਾਹ ‘ਤੇ ਉਸ ਨੂੰ ਮੇਦਾਂਤਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਗ੍ਰਹਿ ਮੰਤਰੀ ਸ਼ਾਹ ਨੇ ਖ਼ੁਦ ਐਤਵਾਰ ਦੁਪਹਿਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ । ਇਸ ਤੋਂ ਬਾਅਦ ਪਾਰਟੀ ਨੇਤਾਵਾਂ ਸਮੇਤ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।