ludhiana masks distributed free: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਇੱਥੇ ਮਿਸ਼ਨ ਫਤਹਿ ਤਹਿਤ ਜਰੂਰਤਮੰਦਾਂ ਨੂੰ ਮਾਸਕ ਵੰਡਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਲੁਧਿਆਣਾ ਜ਼ਿਲ੍ਹੇ ‘ਚ ਕੀਤੀ ਗਈ ਹੈ। ਦਰਅਸਲ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਵੱਦੀ ਖੇਤਰ ‘ਚ ਜਰੂਰਤਮੰਦਾਂ ਨੂੰ ਮਾਸਕ ਵੰਡੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਥੇ ਕੋਰੋਨਾ ਨਾਲ ਨਜਿੱਠਣ ਲਈ ਜਵੱਦੀ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸੀ।
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਟੈਸਟ ਪੋਜ਼ਟਿਵ ਆਉਂਦਾ ਹੈ ਤਾਂ ਬਿਲਕੁਲ ਵੀ ਨਾ ਘਬਰਾਉਣ ਕਿਉਂਕਿ ਸਰਕਾਰੀ ਅਤੇ ਨਿੱਜੀ ਹਸਪਤਾਲ ਮਰੀਜ਼ਾਂ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਦੇ ਕਿਸੇ ਵੀ ਤਰ੍ਹਾਂ ਦੇ ਲੱਛਣ ਮਹਿਸੂਸ ਕਰਨ ‘ਤੇ ਤੁਰੰਤ ਆਪਣੇ ਨੇੜਲੇ ਟੈਸਟਿੰਗ ਸੈਂਟਰ ਜਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਕਿਸੇ ਵੀ ਕੀਮਤ ‘ਤੇ ਜਾਂਚ ਕਰਾਉਣ ‘ਚ ਦੇਰੀ ਨਾ ਕਰਨ।
ਦੱਸਣਯੋਗ ਹੈ ਕਿ ਪੰਜਾਬ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਵਿਗੜਦੇ ਹਾਲਾਤਾਂ ਨੂੰ ਕੰਟਰੋਲ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮਿਸ਼ਨ ਫਤਹਿ ਦੀ ਸ਼ੁਰੂਆਤ ਕੀਤੀ ਸੀ, ਜਿਸ ਦੇ ਤਹਿਤ ਪੰਜਾਬ ਭਰ ‘ਚ 10 ਲੱਖ ਮਾਸਕ ਵੰਡਣ ਦਾ ਉਦੇਸ਼ ਰੱਖਿਆ ਗਿਆ ਹੈ। ਇਸ ਦੇ ਤਹਿਤ 80,000 ਮਾਸਕ ਇਕੱਲੇ ਲੁਧਿਆਣਾ ਜ਼ਿਲ੍ਹੇ ‘ਚ ਵੰਡ ਦਿੱਤੇ ਗਏ ਹਨ।