Vigilance nabs ASI : ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਜਲੰਧਰ ਜ਼ਿਲ੍ਹੇ ਦੇ ਥਾਣਾ ਨਕੋਦਰ ਸ਼ਹਿਰੀ ’ਚ ਤਾਇਨਾਤ ਏਐਸਾਈ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ, ਜਿਸ ਦੀ ਨਕੋਦਰ ਦੇ ਹੀ ਇਕ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਕੋਦਰ ਸ਼ਹਿਰੀ ਵਿਖੇ ਤਾਇਨਾਤ ਏਐਸਆਈ ਅਮੀਰ ਸਿੰਘ ਖਿਲਾਫ ਨਕੋਦਰ ਦੇ ਸੰਦੀਪ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਸ਼ਿਕਾਇਤਕਰਤਾ ਨੇ ਕਿਹਾ ਸੀ ਕਿ ਇਕ ਪੁਲਿਸ ਕੇਸ ਵਿਚ ਉਸ ਦੀ ਮਦਦ ਕਰਨ ਦੇ ਬਦਲੇ ਉਕਤ ਏਐਸਆਈ ਨੇ ਉਸ ਕੋਲੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਹੈ।
ਵਿਜੀਲੈਂਸ ਵਿਭਾਗ ਨੇ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਉਕਤ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕੀਤਾ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।