In Tarntaran the : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ। ਉਨ੍ਹਾਂ ਦੇ ਨਾਲ ਆਈ ਐਨ ਸੀ ਪੰਜਾਬ ਮੁਖੀ ਸੁਨੀਲ ਜਾਖੜ, ਡੀਜੀਪੀ ਪੰਜਾਬ ਪੁਲਿਸ ਦਿਨਕਰ ਗੁਪਤਾ, ਸੀ ਪੀ ਐਸ ਸੀ ਐਮ ਸੁਰੇਸ਼ ਕੁਮਾਰ ਅਤੇ ਸਥਾਨਕ ਸਿਆਸਤਦਾਨ ਮੌਜੂਦ ਸਨ। ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਤਿੰਨ ਜਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਤੇ ਬਟਾਲਾ ਵਿਚ ਜ਼ਹਿਰੀਲੀ ਸ਼ਰਾਬ ਨਾਲ 121 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ ਇਸ ਜ਼ਹਿਰੀਲੀ ਸ਼ਰਾਬ ਕਾਰਨ ਜਿਹੜੇ ਮੌਤ ਦੇ ਮੂੰਹ ਵਿਚ ਚਲੇ ਗਏ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਤੇ ਇਸਤੋਂ ਇਲਾਵਾ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਨਾਲ ਹੀ ਇਨ੍ਹਾਂ ਪੀੜਤ ਪਰਿਵਾਰਾਂ ਦਾ ਮਨਰੇਗਾ ਕਾਰਡ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ ਤੇ ਜਿਨ੍ਹਾਂ ਦੇ ਮਕਾਨ ਪੱਕੇ ਨਹੀਂ ਬਣੇ ਹਨ, ਉਨ੍ਹਾਂ ਨੂੰ ਜਲਦ ਹੀ ਪੱਕਿਆ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਘਿਨਾਉਣੇ ਕੰਮ ਵਿਚ ਸ਼ਾਮਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ ਕਿਉਂਕਿ ਇਹ ਉਨ੍ਹਾਂ ਵਲੋਂ ਕੀਤੇ ਗਏ ਕਤਲ ਹਨ, ਜਿਸ ਲਈ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਤੇ ਜਦੋਂ ਤਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਉਹ ਕਾਰਵਾਈ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਦੋਸ਼ੀ ਸਾਹਮਣੇ ਆ ਜਾਣਗੇ।