Poisonous liquor tarnishes : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੀ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਤੋਂ ਇਲਾਵਾ ਫਾਈਨਾਸਰਾਂ, ਸਾਜਿਸ਼ ਕਰਨ ਵਾਲਿਆਂ ਤੇ ਕੁਤਾਹੀ ਕਰਨ ਵਾਲਿਆਂ ਅਫਸਰਾਂ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਸਰਕਾਰ ਦੀ ਸਭ ਤੋਂ ਵੱਡੀ ਉਪਲਬਧੀ ਰਹੀ ਕਿ ਮੁੱਖ ਮੰਤਰੀ ਦੇ ਰੂਪ ‘ਚ ਕੈਪਟਨ ਅਮਰਿੰਦਰ ਸਿੰਘ ਦੇ ਅਹੁਦਾ ਸੰਭਾਲਣ ਦੇ ਨਾਲ ਹੀ ਸੂਬੇ ਵਿਚ ਚੱਲ ਰਿਹਾ ਜੰਗਲਰਾਜ ਖਤਮ ਹੋ ਗਿਆ ਤੇ ਕਾਨੂੰਨ ਦਾ ਸ਼ਾਸਨ ਸਥਾਪਤ ਹੋਇਆ ਪਰ ਜ਼ਹਿਰੀਲੀ ਸ਼ਰਾਬ ਕਾਰਨ ਸਰਕਾਰ ਦਾ ਅਕਸ ਖਰਾਬ ਹੋਇਆ ਹੈ।
ਜਾਖੜ ਨੇ ਕਿਹਾ ਕਿ ਸੂਬੇ ਵਿਚ ਅਜਿਹੇ ਗਲਤ ਧੰਦਿਆਂ ਦੀਆਂ ਜੜ੍ਹਾਂ ਕਾਫੀ ਡੂੰਘੀਆਂ ਹਨ ਅਤੇ ਇਸ ‘ਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰਨਾ ਬਹੁਤ ਜ਼ਰੂਰੀ ਹੈ। ਜ਼ਰੂਰੀ ਹੈ ਕਿ ਮਾਮਲੇ ‘ਚ ਤੇਜ਼ੀ ਲਿਆਂਦੀ ਜਾਵੇ ਅਤੇ ਦੋਸ਼ੀਆਂ ਨਾਲ ਸਾਜਿਸ਼ ਵਿਚ ਸ਼ਾਮਲ ਲੋਕਾਂ, ਫਾਈਨਾਂਸਰਾਂ ਤੇ ਆਯੋਜਕਾਂ ਨੂੰ ਬੇਨਕਾਬ ਕਰਕੇ ਉਨ੍ਹਾਂ ‘ਤੇ ਹੱਤਿਆ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਚਲਾਇਆ ਜਾਵੇ ਤਾਂ ਜੋ ਲੋਕਾਂ ਦਾ ਵਿਸ਼ਵਾਸ ਬਣਾਇਆ ਜਾ ਸਕੇ।
ਸੁਨੀਲ ਜਾਖੜ ਵਲੋਂ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਤ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਦੀ ਲਾਪ੍ਰਵਾਹੀ ਵੀ ਜ਼ਿੰਮੇਵਾਰ ਹੈ। ਜੇਕਰ ਕੋਈ ਵੀ ਅਧਿਕਾਰੀ ਅਜਿਹੀਆਂ ਘਟਨਾਵਾਂ ਲਈ ਦੋਸ਼ੀਆਂ ਨੂੰ ਪਨਾਹ ਦੇ ਰਿਹਾ ਹੈ ਜਾਂ ਕਿਸੇ ਅਧਿਕਾਰੀ ਨੇ ਇਸ ਨੂੰ ਰੋਕਣ ਲਈ ਕੋਈ ਕਾਰਵਾਈ ਨਾ ਕਰਕੇ ਆਪਣੇ ਫਰਜ਼ਾਂ ਨੂੰ ਪੂਰਾ ਨਹੀਂ ਕੀਤਾ ਤਾਂ ਅਜਿਹੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਜਿਹੇ ਅਧਿਕਾਰੀਆਂ ਲਈ ਕਾਨੂੰਨੀ ਕਾਰਵਾਈ ਵੀ ਕੀਤੀ ਜਾਣੀ ਚਾਹੀਦੀ ਹੈ।