ludhiana again night curfew: ਲੁਧਿਆਣਾ ‘ਚ ਕੋਰੋਨਾ ਦੀ ਵੱਧ ਰਹੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲੋਂ ਲੁਧਿਆਣਾ ਜ਼ਿਲ੍ਹੇ ‘ਚ ਰਾਤ ਦਾ ਕਰਫਿਊ ਲਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦਾ ਸਮਾਂ ਰਾਤ ਨੂੰ 9 ਵਜੇ ਤੋਂ ਸਵੇਰ 5 ਵਜੇ ਤੱਕ ਦਾ ਹੋਵੇਗਾ, ਇਸ ਦੀ ਸ਼ੁਰੂਆਤ ਅੱਜ ਭਾਵ 8 ਅਗਸਤ ਤੋਂ ਹੋਵੇਗੀ। ਦੱਸ ਦੇਈਏ ਕਿ ਸੂਬੇ ਭਰ ‘ਚ ਕੋਰੋਨਾ ਦੀ ਵੱਧ ਰਹੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਜ਼ਿਲ੍ਹਿਆਂ ‘ਚ ਰਾਤ ਨੂੰ ਕਰਫਿਊ ਲਾਉਣ ਦਾ ਫੈਸਲਾ ਲਿਆ ਗਿਆ ਹੈ, ਇਨ੍ਹਾਂ ‘ਚ ਲੁਧਿਆਣਾ, ਜਲੰਧਰ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਮਾਸਕ ਪਾਉਣਾ ਲਾਜ਼ਮੀ ਕਰਦੇ ਹੋਏ ਇਹ ਵੀ ਲਾਗੂ ਕੀਤਾ ਹੈ ਕਿ ਜੇਕਰ ਕੋਈ ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਨੂੰ ਮੌਕੇ ‘ਤੇ ਹੀ ਇਕ ਘੰਟਾ ਮਾਸਕ ਪਹਿਨ ਕੇ ਖੜ੍ਹਨਾ ਪਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ‘ਚ ਬੀਮਾਰੀ ਦੇ ਇਲਾਜ ਲਈ ਏਕੀਕ੍ਰਿਤ ਪ੍ਰਬੰਧਨ ਯੋਜਨ ਤਿਆਰ ਕਰਨ ਦੇ ਹੁਕਮ ਵੀ ਦਿੱਤੇ ਅਤੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲ ਦੀ ਬਜਾਏ ਸਰਕਾਰੀ ਹਸਪਤਾਲਾਂ ‘ਚ ਇਲਾਜ ਕਰਵਾਉਣ ਦੀ ਸਲਾਹ ਵੀ ਦਿੱਤੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਫੇਸਬੁੱਕ ‘ਤੇ ਲਾਈਵ ਹਫਤਾਵਾਰੀ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਨੂੰ ਇਸ ਵਾਰ ਇਕ ਦਿਨ ਪਹਿਲਾਂ ਕੀਤਾ ਗਿਆ, ਕਿਉਂਕਿ ਮੁੱਖ ਮੰਤਰੀ ਤਰਨਤਾਰਨ ਜ਼ਿਲ੍ਹੇ ‘ਚ ਨਕਲੀ ਸ਼ਰਾਬ ਦੁਖਾਂਤ ਦੇ ਪੀੜਤਾਂ ਨੂੰ ਮਿਲਣ ਲਈ ਕੀਤੇ ਗਏ ਦੌਰੇ ਬਾਰੇ ਲੋਕਾਂ ਨੂੰ ਜਾਣੂ ਕਰਵਾ ਸਕਣ।
ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 296 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ‘ਚ 209 ਜ਼ਿਲ੍ਹੇ ਦੇ ਅਤੇ 17 ਹੋਰ ਜ਼ਿਲ੍ਹਿਆਂ ਤੋਂ ਹਨ। ਇਹ ਵੀ ਦੱਸ ਦੇਈਏ ਕਿ ਮਹਾਨਗਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 4512 ਤੱਕ ਪਹੁੰਚ ਚੁੱਕੀ ਹੈ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ 69727 ਸੈਂਪਲ ਲਏ ਗਏ, ਜਿਨ੍ਹਾਂ 4512 ਮਾਮਲੇ ਪਾਜ਼ੀਟਿਵ ਹਨ ਅਤੇ ਹੁਣ 1427 ਸਰਗਰਮ ਹਨ ਜਦਕਿ 148 ਮੌਤਾਂ ਹੋ ਚੁੱਕੀਆਂ ਹਨ।