japani language: ਚੰਡੀਗੜ, 8 ਅਗਸਤ: ਪੰਜਾਬ ਸਰਕਾਰ ਨੇ ’ਪੰਜਾਬ ਹੁਨਰ ਵਿਕਾਸ ਮਿਸ਼ਨ’ ਤਹਿਤ ਜਾਪਾਨੀ ਭਾਸ਼ਾ ਦੇ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਜਾਪਾਨੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਦੀ ਮੁੱਢਲੀ ਲੋੜ ਪੂਰੀ ਕਰਵਾ ਕੇ ਉਨਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।ਜਪਾਨੀ ਭਾਸ਼ਾ ਦਾ ਗਿਆਨ ਰੱਖਣ ਵਾਲੇ ਨੌਜਵਾਨਾਂ ਬਾਰੇ ਜਾਪਾਨੀ ਦੂਤਾਵਾਸ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਅਜਿਹਾ ਕਰਨ ਨਾਲ ਜਾਪਾਨੀ ਭਾਸ਼ਾ ਦਾ ਗਿਆਨ ਰੱਖਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਮਿਲਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਜਾਪਾਨ ਦੂਤਾਵਾਸ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਗੱਲਬਾਤ ਦਾ ਪਹਿਲਾ ਗੇੜ ਪੂਰਾ ਕਰ ਲਿਆ ਹੈ। ਮੰਤਰੀ ਨੇ ਦੱਸਿਆ ਕਿ ਜਾਪਾਨੀ ਭਾਸ਼ਾ ਸਿਖਲਾਈ ਦੇ ਇਸ ਪ੍ਰੋਗਰਾਮ ਤਹਿਤ ਅੱਠਵੀਂ ਪਾਸ ਸੂਬੇ ਦੇ 18-45 ਸਾਲ ਦੇ ਨੌਜਾਵਾਨਾਂ ਸਿਖਲਾਈ ਦਿੱਤੀ ਜਾਵੇਗੀ, ਇਸ ਕੋਰਸ ਦੌਰਾਨ 200 ਘੰਟੇ ਦੀ ਸਿਖਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰਾਂ ਨੂੰ ਜਾਪਾਨੀ ਭਾਸ਼ਾ ਮੁਹਾਰਤ ਟੈਸਟ (ਜੇ.ਐਲ.ਪੀ.ਟੀ) ਦੇ ਮੁੱਢਲੇ ਪੱਧਰ (ਐੱਨ-5) ਨੂੰ ਪਾਸ ਕਰਨ ਲਈ ਜਾਪਾਨੀ ਭਾਸ਼ਾ ਦੀ ਸਿਖਲਾਈ ਦਿੱਤੀ ਜਾਵੇਗੀ।ਇਹ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਮੁਕੰਮਲ ਕਰਨ ਉਪਰੰਤ ਉਮੀਦਵਾਰਾਂ ਨੂੰ ਜੇ.ਐਲ.ਪੀ.ਟੀ ਸਰਟੀਫੀਕੇਸ਼ਨ ਸਮੇਤ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ) ਦਾ ਸਰਟੀਫੀਕੇਟ ਵੀ ਦਿੱਤਾ ਜਾਵੇਗਾ।
ਰੋਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਡੀ.ਐਮ ਵਲੋਂ ਜਾਪਾਨੀ ਭਾਸ਼ਾ ਮੁਹਾਰਤ ਦੇ ਕੋਰਸ ਨੂੰ ਚਲਾਉਣ ਲਈ ਦੋ ਪੜਾਅਵਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਜਿਸ ਦੇ ਪਹਿਲੇ ਪੜਾਅ ਤਹਿਤ ਮਾਸਟਰ ਟਰੇਨਰਾਂ ਦਾ ਇੱਕ ਪੂਲ ਬਣਾਇਆ ਜਾਵੇਗਾ, ਜਿਸ ਵਿੱਚ ਪੀ.ਐਸ.ਡੀ.ਐਮ, ਉਚੇਰੀ ਸਿੱਖਿਆ ਵਿਭਾਗ, ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਟਰੇਨਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ । ਸਿਖਲਾਈ ਹਾਸਲ ਕਰਨ ਉਪਰੰਤ ਇਹ ਮਾਸਟਰ ਟ੍ਰੇਨਰ ਸੂਬੇ ਦੀਆਂ ਵੱਖ ਵੱਖ ਥਾਵਾਂ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਬੈਚ ਬਣਾ ਕੇ ਸਿਖਲਾਈ ਦੇਣਗੇ।