SAD to stage dharna : ਚੰਡੀਗੜ੍ਹ : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ’ਤੇ ਸਿਆਸਤ ਹੋਰ ਵੀ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਤੇ ਲਗਾਤਾਰ ਹਮਲੇ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਅਤੇ ਕੈਪਟਨ ਮਰਿੰਦਰ ਸਿੰਘ ਨੂੰ ਨਸ਼ੇ ਦੇ ਮੁੱਦੇ ’ਤੇ ਘੇਰ ਲਈ ਮੋਰਚਾਬੰਦੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਹੁਣ ਇਹ ਮਾਮਲਾ ਦਿੱਲੀ ਲਿਜਾਣ ਦੀ ਤਿਆਰੀ ਵਿਚ ਹੈ, ਜਿਥੇ 11 ਅਗਸਤ ਨੂੰ ਦਿੱਲੀ ਵਿਚ ਕਾਂਗਰਸ ਦੀ ਪ੍ਰਧਾਨਗੀ ਵਾਲੀ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਕੁਝ ਸਾਲ ਪਹਿਲਾਂ ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਪੰਜਾਬ ਆਏ ਰਾਹੁਲ ਗਾਂਧੀ ਨੇ ਜ਼ੋਰਸ਼ੋਰ ਨਾਲ ਡਰੱਗਸ ਦੇ ਮੁੱਦੇ ’ਤੇ ਉਸ ਸਮੇਂ ਦੀ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਸੀ। ਹੁਣ ਅਕਾਲੀ ਦਲ ਨੇ ਵੀ ਕਾਂਗਰਸ ’ਤੇ ਪਲਟਵਾਰ ਕਰਨ ਦੀ ਤਿਆਰੀ ਕਰ ਲਈ ਹੈ। ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 11 ਅਗਸਤ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਦੇ ਬਾਹਰ ਧਰਨਾ ਦੇਣਗੇ। ਉਨ੍ਹਾਂ ਦੇ ਨਾਲ ਪਾਰਟੀ ਦੇ ਕੋਰ ਕਮੇਟੀ ਦੇ ਸਾਰੇ ਮੈਂਬਰ ਅਤੇ ਸਾਰੇ ਵਿਧਾਇਕ ਧਰਨੇ ’ਤੇ ਬੈਠਣਗੇ।
ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਤ੍ਰਾਸਦੀ ਵਿਚ 123 ਲੋਕਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਕਾਂਗਰਸੀ ਵਿਧਾਇਕਾਂ ਅਤੇ ਨੇਤਾਵਾਂ ’ਤੇ ਜ਼ਹਿਰੀਲੀ ਸ਼ਰਾਬ ਬਿਕਵਾਉਣ ਦੇ ਦੋਸ਼ ਲਗਾ ਰਹੇ ਹਨ ਪਰ ਮੁੱਖ ਮੰਤਰੀ ਕੋਈ ਕਾਰਵਾਈ ਨਹੀਂ ਕਰ ਰਹੇ। ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਜਾਰੀ ਸੰਘਰਸ਼ ਅਧੀਨ ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਸੰਕੇਤਿਕ ਧਰਨਾ ਦਿੱਤਾ ਜਾਵੇਗਾ। ਚੀਮਾ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਦੇ 70 ਫੀਸਦੀ ਨੌਜਵਾਨਾਂ ਨੂੰ ਨਸ਼ੇ ਦਾ ਆਦੀ ਦੱਸਣ ਵਾਲੇ ਰਾਹੁਲ ਗਾਂਧੀ ਨੂੰ ਚੁੱਪੀ ਤੋੜਣੀ ਚਾਹੀਦੀ ਹੈ। ਕਾਂਗਰਸ ਦੇ ਰਾਜ ਸਭਾ ਮੈਂਬਰ ਹੀ ਇਸ ਮਾਮਲੇ ਦੀ ਸੀਬੀਆਈ ਦੀ ਮੰਗ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਜੇਕਰ ਜਾਂਚ ਹੋ ਜਾਵੇ ਤਾਂ ਅੱਧ ਤੋਂ ਵੱਧ ਕੈਬਨਿਟ ਜੇਲ ਵਿਚ ਹੋਵੇਗੀ।