Education Department completes : ਆਪਣੀਆਂ ਤਾਜ਼ਾ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਨ ਦਾ ਫੈਸਲਾ ਕੀਤਾ ਸੀ। ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਵਲੋਂ ‘ਪੰਜਾਬ ਅਚੀਵਮੈਂਟ ਸਰਵੇਖਣ’ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਵਿਜੇ ਇੰਦਰ ਸਿੰਗਲਾ ਵਲੋਂ ਇਹ ਸਰਵੇਖਣ ਵਿਗਿਆਨਕ ਢੰਗ ਨਾਲ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਰਵੇਖਣ ਦੇ ਨਾਲ ਸਬੰਧਤ ਸਾਰੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਕੂਲ ਸਿੱਖਿਆ ਵਿਭਾਗ ਮੁਤਾਬਕ ਪੀ. ਏ. ਐੱਸ. ਵਲੋਂ ਨਾ ਸਿਰਫ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਸਰਵੇ ਤਿਆਰ ਕੀਤਾ ਜਾਵੇਗਾ ਸਗੋਂ ਵਿਦਿਆਰਥੀਆਂ ਦੀ ਯੋਗਤਾ ਨੂੰ ਵਧਾਉਣ ਵਿਚ ਵੀ ਅਹਿਮ ਭੂਮਿਕਾ ਅਦਾ ਕੀਤੀ ਜਾਵੇਗੀ। ਇਹ ਸਰਵੇਖਣ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਰਵਾਇਆ ਜਾਵੇਗਾ ਤੇ ਇਸ ਵਿਚ ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤਕ ਦੇ ਵਿਦਿਆਰਥੀ ਹਿੱਸਾ ਲੈ ਸਕਣਗੇ। ਇਹ ਸਰਵੇਖਣ ‘ਨੈਸ਼ਨਲ ਅਚੀਵਮੈਂਟ ਸਰਵੇ’ ਦੇ ਮਾਪਦੰਡਾਂ ’ਤੇ ਅਧਾਰਤ ਹੋਵੇਗਾ।
ਮਿਲੀ ਜਾਣਕਾਰੀ ਮੁਤਾਬਕ ਸਰਵੇਖਣ ਦੀ ਪ੍ਰਕਿਰਿਆ ਅਗਸਤ ਦੇ ਦੂਜੇ ਪੰਦਰਵਾੜੇ ਦੇ ਆਰੰਭ ਵਿੱਚ ਹੀ ਸ਼ੁਰੂ ਹੋ ਜਾਵੇਗੀ ਅਤੇ ਸਤੰਬਰ ਤੋਂ ਮੌਕ ਟੈਸਟ ਕਰਵਾਉਣ ਦਾ ਇਕ ਵਿਸ਼ਾਲ ਪ੍ਰੋਗਰਾਮ ਉਲੀਕਿਆ ਗਿਆ ਹੈ। ਪੀ. ਏ. ਐੱਸ. ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਸਿੱਖਿਆ ਵਿਭਾਗ ਵਲੋਂ ਪੰਜਾਬ ਕੋਆਰਡੀਨੇਟਰਾਂ, ਜ਼ਿਲਾ ਸਿਖਿਆ ਸੁਧਰ ਟੀਮਾਂ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੂੰ ਸੰਵੇਦਨਸ਼ੀਲ ਕਰਨ ਲਈ ਵੈਬਿਨਾਰਾਂ ਦਾ ਆਯੋਜਨ ਵੀ ਸ਼ੁਰੂ ਕੀਤਾ ਜਾ ਚੁੱਕਾ ਹੈ ਤੇ ਇਸ ਸਰਵੇਖਣ ਵਿਚ ਸ਼ਾਮਲ ਹੋਣ ਲਈ ਮਾਪਿਆਂ ਨੂੰ ਵੀ ਉਤਸ਼ਾਹਿਤ ਕੀਤਾ ਗਿਆ ਹੈ ਤਾਂ ਜੋ ਉਹ ਵੀ ਸਰਕਾਰੀ ਸਕੂਲਾਂ ਦੇ ਬਦਲਦੇ ਚਿਹਰੇ ਬਾਰੇ ਜਾਗਰੂਕਤਾ ਫੈਲਾਉਣ ਵਿਚ ਮਦਦ ਕਰ ਸਕਣ।