Afghan Sikhs meet Akal Takht Jathedar : ਅੰਮ੍ਰਿਤਸਰ ਵਿਚ ਪਿਛਲੇ ਲੰਮੇ ਸਮੇਂ ਤੋਂ ਭਾਰਤ ਵਿਚ ਰਹਿ ਰਹੇ ਅਫਗਾਨਿਸਤਾਨ ਤੋਂ ਆਏ ਸ਼ਰਨਾਰਥੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮਿਲ ਕੇ ਭਾਰਤ ਸਰਕਾਰ ਨੂੰ ਇਥੇ ਦੀ ਨਾਗਰਿਕਤਾ ਦੇਣ ਦੀ ਅਪੀਲ ਕੀਤੀ, ਜਿਸ ਸਬੰਧੀ ਉਨ੍ਹਾਂ ਨੇ ਭਾਰਤ ਸਰਕਾਰ ਦੇ ਨਾਂ ਇਕ ਮੰਗ ਪੱਤਰ ਸੌਂਪਿਆ। ਦੱਸਣਯੋਗ ਹੈ ਕਿ ਭਾਰਤ ਵਿਚ ਅਫਗਾਨਿਸਤਾਨ, ਪਾਕਿਸਤਾਨ ਤੇ ਬੰਗਾਲ ਤੋਂ ਆਏ ਲੋਕ ਇਥੇ ਲੰਮੇ ਸਮੇਂ ਤੋਂ ਰਹਿ ਰਹੇ ਹਨ ਪਰ ਅਜੇ ਤੱਕ ਉਨ੍ਹਂ ਨੂੰ ਇਥੇ ਦੀ ਨਾਗਰਿਕਤਾ ਹਾਸਲ ਨਹੀਂ ਹੋਈ ਹੈ, ਜਿਸ ਦੇ ਚੱਲਦਿਆਂ ਭਾਰਤ ਵਿਚ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੰਗ ਪੱਤਰ ਵਿਚ ਉਨ੍ਹਾਂ ਦੱਸਿਆ ਕਿ ਉਹ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਕੱਟੜਵਾਦੀ ਲੋਕ ਹੋਣ ਕਰਕੇ ਘੱਟ ਗਿਣਤੀ ਲੋਕਾਂ ਨੂੰ ਡਰਾਇਆ ਧਮਕਾਇਆ ਜਾਂਦਾ ਹੈ, ਜਿਸ ਦੇ ਚੱਲਦਿਆਂ ਉਨਥੋਂ ਲੋਕ ਪਲਾਇਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਨੇਡਾ ਦੀ ਸਰਾਕਰ ਨੇ ਬਹੁਤ ਸਾਰੇ ਅਜਿਹੇ ਅਫਗਾਨੀ ਸਿੱਖਾਂ ਨੂੰ ਨਾਗਰਿਕਤਾ ਦੇ ਦਿੱਤੀ ਹੈ। ਹਾਲਾਂਕਿ ਭਾਰਤ ਸਰਾਕਰ ਨੇ ਨਾਗਰਿਕਤਾ ਸੋਧ ਬਿੱਲ ਪਾਸ ਕਰ ਦਿੱਤਾ ਹੈ ਪਰ ਇਸ ਬਿੱਲ ਨੂੰ ਲਾਗੂ ਹੋਣ ਵਿਚ ਕਾਫੀ ਦੇਰ ਹੋ ਰਹੀ ਹੈ। ਉਨ੍ਹਾਂ ਨੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਰਹਿ ਰਹੇ ਅਜਿਹੇ ਅਫਗਾਨੀ ਲੋਕਾਂ ਲਈ ਪੱਕੀ ਨਾਗਰਿਕਤਾਂ ਦੀ ਮੰਗ ਕੀਤੀ।
ਉਨ੍ਹਾਂ ਵਿਚੋਂ ਇਕੇ ਅਫਗਾਨ ਤੋਂ ਆਏ ਸੁਰਵੀਰ ਸਿੰਘ ਨੇ ਦੱਸਿਆ ਕਿ 30 ਸਾਲ ਪਹਿਲਾਂ ਕਟੜਪੰਥੀਆ ਤੋਂ ਤੰਗ ਆ ਕੇ ਭਾਰਤ ‘ਚ ਸ਼ਰਨਾਰਥੀ ਬਣ ਕੇ ਆਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਰਹਿਣ ਨੂੰ ਥਾਂ ਟਿਕਾਣਾ ਤਾਂ ਮਿਲ ਗਿਆ ਹੈ ਪਰ ਅਜੇ ਤੱਕ ਸਥਾਈ ਨਾਗਰਕਿਤਾ ਹਾਸਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੰਮ ਕਾਰ ਵੀ ਇੱਥੇ ਹੀ ਹਨ ਤੇ ਹੁਣ ਉਨ੍ਹਾਂ ਦੇ ਬੱਚੇ ਵੀ ਇੱਥੇ ਹੀ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਭਾਰਤ ‘ਚ ਹੀ ਰਹਿਣਾ ਚਾਹੁੰਦੇ ਹਨ। ਪੱਕੀ ਨਾਗਰਿਕਤਾ ਨਾ ਹੋਣ ਕਾਰਨ ਉਨ੍ਹਾਂ ਨੂੰ ਹਰ ਸਾਲ ਵੀਜ਼ਾ ਰਿਨਿਊ ਕਰਵਾਉਣਾ ਪੈਂਦਾ ਹੈ। ਪੱਕੀ ਨਾਗਰਿਕਤਾ ਨਾ ਹੋਣ ਕਾਰਨ ਬਹੁਤ ਤਰ੍ਹਾਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ।