Mohali to become ‘Education Hub’ : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰ ਦੀਆਂ ਸਿੱਖਿਆ ਸਹੂਲਤਾਂ ਦੇ ਕੇ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ਵ ਪ੍ਰਸਿੱਧ ਪਲਾਕਸ਼ਾ ਯੂਨੀਵਰਸਿਟੀ ਨੂੰ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਹਿਮਤੀ ਪੱਤਰ (ਲੈਟਰ ਆਫ਼ ਇਨਟੈਂਟ) ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਯੂਨੀਵਰਸਿਟੀ ਰੀਇਮੈਜਨਿੰਗ ਹਾਇਰ ਐਜੂਕੇਸ਼ਨ ਫਾਊਂਡੇਸ਼ਨ, ਨਵੀਂ ਦਿੱਲੀ ਅਤੇ ਮਾਨਵ ਰਚਨਾ ਇੰਟਰਨੈਸ਼ਨਲ ਇੰਸਟੀਚਿਊਟ, ਹਰਿਆਣਾ ਵੱਲੋਂ ਮਿਲ ਕੇ ਖੋਲੀ ਜਾ ਰਹੀ ਹੈ। ਯੂਨੀਵਰਸਿਟੀ ਦੀ ਸਥਾਪਨਾ ਲਈ ਪੰਜਾਬ ਸਰਕਾਰ ਵੱਲੋਂ ਸਪਾਂਸਰਿੰਗ ਬਾਡੀ ਨੂੰ ਪੰਜਾਬ ਪ੍ਰਾਈਵੇਟ ਯੂਨੀਵਰਸਿਟੀਜ਼ ਪਾਲਿਸੀ-2010 ਦੀਆਂ ਸ਼ਰਤਾਂ ਅਧੀਨ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੈ।
ਸੂਬੇ ਦੇ ਉੱਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਲਈ ਵੱਡੀ ਖੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਮੌਜੂਦ ਮਨੁੱਖੀ ਹੁਨਰ ਸ਼ਕਤੀ ਅਤੇ ਪੰਜਾਬ ਸਰਕਾਰ ਦੀਆਂ ਨਿਵੇਸ਼ ਪ੍ਰਤੀ ਵਧੀਆ ਨੀਤੀਆਂ ਸਦਕਾ ਦੁਨੀਆ ਭਰ ਵਿੱਚ ਕੋਵਿਡ ਮਹਾਂਮਾਰੀ ਫੈਲਣ ਦੇ ਬਾਵਜੂਦ ਵਿਸ਼ਵ ਵੱਧਰੀ ਵੱਡੀਆਂ ਕੰਪਨੀਆਂ ਨੇ ਪੰਜਾਬ ਵੱਲ ਨਜ਼ਰਾਂ ਟਿਕਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸੇਸ਼ ਉੱਦਮ ਸਦਕਾ ‘ਇਨਵੈਸਟ ਪੰਜਾਬ‘ ਸੰਮੇਲਨ ਰਾਹੀਂ ਨਿਵੇਸ਼ਕਾਂ ਲਈ ਬਣਾਈ ਸੁਖਾਲੀ ਨੀਤੀ ਅਤੇ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਅਪਨਾਉਣ ਕਾਰਨ ਸੂਬੇ ਵਿੱਚ ਨਿਵੇਸ਼ ਕਰਨਾ ਆਸਾਨ ਹੋ ਗਿਆ ਹੈ।
ਸ਼੍ਰੀ ਬਾਜਵਾ ਨੇ ਦੱਸਿਆ ਕਿ ਅਲਫਾ ਆਈ.ਟੀ. ਸਿਟੀ ਮੁਹਾਲੀ ਵਿਖੇ ਪਲਾਕਸ਼ਾ ਯੂਨੀਵਰਸਿਟੀ ਵੱਲੋਂ 2021-22 ਵਿੱਦਿਅਕ ਸੈਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਵਿਸ਼ਵ ਪੱਧਰੀ ਯੂਨੀਵਰਸਿਟੀ ਪਲਾਕਸ਼ਾ ਯੂਨੀਵਰਸਿਟੀ ਨੇ ਪੰਜਾਬ ਸਰਕਾਰ ਵੱਲੋਂ ਅਲਫਾ ਆਈ.ਟੀ. ਸਿਟੀ ਮੁਹਾਲੀ ਵਿਖੇ ਅਲਾਟ ਕੀਤੀ 50.12 ਏਕੜ ਜ਼ਮੀਨ ਉਤੇ ਆਪਣੇ ਕੈਂਪਸ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ। ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ ਤੌਰ ‘ਤੇ ਨੌਕਰੀਆਂ ਮਿਲਣਗੀਆਂ, ਜਦੋਂ ਕਿ ਵੱਡੀ ਪੱਧਰ ‘ਤੇ ਵੀ ਹਜ਼ਾਰਾਂ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਯੂਨੀਵਰਸਿਟੀ ਵਿੱਚ ਕੌਮਾਂਤਰੀ ਪੱਧਰ ਦੇ ਕੋਰਸ ਚਲਾਏ ਜਾਣਗੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਉਚੇਰੀ ਸਿੱਖਿਆ ਪ੍ਰਾਪਤ ਹੋਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਨਿਵੇਸ਼ ਲਈ ਢੁਕਵਾਂ ਮਾਹੌਲ ਯਕੀਨੀ ਬਣਾਉਣ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਵਿਸ਼ਵ ਪੱਧਰ ਦੀਆਂ ਯੂਨੀਵਰਸਿਟੀਆਂ ਨਾਲ ਲਗਾਤਾਰ ਤਾਲਮੇਲ ਰੱਖਣ ਸਦਕਾ ਪ੍ਰਾਈਵੇਟ ਯੂਨੀਵਰਸਿਟੀਆਂ ਪੰਜਾਬ ਵਿੱਚ ਆ ਰਹੀਆਂ ਹਨ ਤਾਂ ਜੋ ਪੰਜਾਬ ਨੂੰ ਅਜੋਕੇ ਦੌਰ ਵਿੱਚ ‘ਐਜੁਕੇਸ਼ਨ ਹੱਬ‘ ਵਜੋਂ ‘ਤਕਸ਼ਿਲਾ‘ ਦਾ ਰੂਪ ਮਿਲ ਸਕੇ।