Former SHO of Manimajra convicted : ਚੰਡੀਗੜ੍ਹ : ਰਿਸ਼ਵਤ ਮਾਮਲੇ ਵਿਚ ਦੋਸ਼ੀ ਠਹਿਰਾਈ ਗਈ ਮਨੀਮਾਜਰਾ ਥਾਣੇ ਦੀ ਸਾਬਕਾ ਐਸਐਚਓ ਜਸਵਿੰਦਰ ਕੌਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਸਪੈਸ਼ਲ ਸੀਬੀਆਈ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਜਸਵਿੰਦਰ ਦੇ ਵਕੀਲ ਤਰਮਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਆਪਣੇ ਪੁੱਤਰ ਦੇ ਵਿਆਹ ਵਿਚ ਸ਼ਾਮਲ ਹੋਣਾ ਚਾਹੁੰਦੀ ਹੈ ਜਿਸ ਦੇ ਲਈ ਉਸ ਨੇ 13 ਤੋਂ 15 ਅਗਸਤ ਤੱਕ ਕੋਰਟ ਤੋਂ ਅੰਤਰਿਮ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤ ਸੀ। ਅਦਾਲਤ ਨੇ ਹੁਣ ਸਾਬਕਾ ਐਸਐਚਓ ਨੂੰ 14 ਅਗਸਤ ਦੀ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦੀ ਹੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਜਸਵਿੰਦਰ ਕੌਰ ਨੂੰ ਪੁਲਿਸ ਦੀ ਨਿਗਰਾਨੀ ’ਚ ਹੀ ਰਹਿਣਾ ਹੋਵੇਗਾ।
ਦੱਸਣਯੋਗ ਹੈ ਕਿ ਬੀਤੀ 26 ਜੂਨ ਨੂੰ ਮਨੀਮਾਜਰਾ ਦੇ ਹੀ ਰਹਿਣ ਵਾਲੇ ਗੁਰਦੀਪ ਸਿੰਘ ਵੱਲੋਂ ਸੀਬੀਆਈ ’ਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ 10 ਜੂਨ ਨੂੰ ਥਾਣਾ ਮਨੀਮਾਜਰਾ ਦੀ ਮੁਖੀ ਜਸਵਿੰਦਰ ਕੌਰ ਨੇ ਉਸ ਨੂੰ ਫੋਨ ਕਰਕੇ ਕਿਹਾ ਕਿ ਰਣਧੀਰ ਸਿੰਘ ਨਾਮ ਦੇ ਵਿਅਕਤੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਵਾਉਣ ਲਈ 27 ਲੱਖ ਰੁਪਏ ਲੈਣ ਸਬੰਧੀ ਸ਼ਿਕਾਇਤ ਆਈ ਹੈ। ਉਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਇੰਸਪੈਕਟਰ ਜਸਵਿੰਦਰ ਕੌਰ ਨੇ ਉਸ ’ਤੇ ਕੇਸ ਦਰਜ ਨਾ ਕਰਨ ਬਦਲੇ ਪੰਜ ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗੀ ਸੀ। ਪੰਜ ਲੱਖ ਵਿੱਚੋਂ ਪਹਿਲੀ ਕਿਸ਼ਤ ਗੁਰਦੀਪ ਸਿੰਘ ਨੇ ਵਿਚੋਲੇ ਭਗਵਾਨ ਸਿੰਘ ਨੂੰ ਸੰਗਰੂਰ ਵਿੱਚ ਦੇ ਦਿੱਤੀ ਸੀ ਪਰ ਇਸ ਤੋਂ ਬਾਅਦ ਜਦੋਂ ਉਹ ਦੂਜੀ ਕਿਸ਼ਤ 29 ਜੂਨ ਦੀ ਰਾਤ ਨੂੰ ਦੇਣ ਲਈ ਪਹੁੰਚਿਆ ਤਾਂ ਸੀਬੀਅਈ ਨੇ ਟਰੈਪ ਲਗਾ ਕੇ ਭਗਵਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਤੋਂ ਅਗਲੇ ਦਿਨ ਹੀ ਇੰਸਪੈਕਟਰ ਜਸਵਿੰਦਰ ਕੌਰ ਫ਼ਰਾਰ ਹੋ ਗਈ ਸੀ। ਜਸਵਿੰਦਰ ਕੌਰ ਨੂੰ ਫੋਨ ’ਤੇ ਸੰਪਰਕ ਕਰਕੇ ਸੀਬੀਆਈ ਦੇ ਦਫ਼ਤਰ ਵਿੱਚ ਜਾਂਚ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ 30 ਜੂਨ ਤੋਂ ਉਸ ਦਾ ਕੁਝ ਪਤਾ ਨਹੀਂ ਲੱਗ ਰਿਹਾ ਅਤੇ ਉਸ ਦਾ ਫੋਨ ਵੀ ਬੰਦ ਆ ਰਿਹਾ ਹੈ। ਇਸ ’ਤੇ ਵੱਲੋਂ ਸਾਬਕਾ ਥਾਣਾ ਮੁਖੀ ਦੇ ਗੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਬਾਅਦ 25 ਜੁਲਾਈ ਨੂੰ ਸਾਬਕਾ ਐਸਐਚਓ ਨੇ ਸਪੈਸ਼ਲ ਸੀਬੀਆਈ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ ਸੀ।