Bhagwant Mann targets : ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੋ ਕਿ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੈ, ਲਈ ਮੌਜੂਦਾ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੀਆਂ ਦੋ ਯੂਨੀਵਰਸਿਟੀਆਂ (ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ) ਵੀ ਨਹੀਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਵਧ ਸ਼ਰਮ ਵਾਲੀ ਗੱਲ ਹੋਰ ਕੀ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਜਦੋਂ ਹਾਲਾਤ ਇਥੋਂ ਤਕ ਪੁੱਜ ਜਾਣ ਕੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕ, ਪ੍ਰੋਫੈਸਰ ਅਤੇ ਹੋਰ ਸਮੂਹ ਸਟਾਫ਼ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਤੇ ਮੁਜ਼ਾਹਰੇ ਕਰਨੇ ਪੈਣ ਤਾਂ ਅਜਿਹੀ ਹਾਲਾਤ ਵਿਚ ਸੱਤਾਧਾਰੀਆਂ ਨੂੰ ਰਾਜ-ਦਰਬਾਰ ‘ਚ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਸਿਆਸੀ ਦਖ਼ਲਅੰਦਾਜ਼ੀ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ 150 ਕਰੋੜ ਰੁਪਏ ਦੀ ਕਰਜ਼ਾਈ ਹੋ ਚੁੱਕੀ ਹੈ। ਪਿਛਲੇ 3-4 ਸਾਲਾਂ ਤੋਂ ਅਧਿਆਪਕਾਂ, ਪ੍ਰੋਫੈਸਰਾਂ ਅਤੇ ਦੂਸਰੇ ਹੋਰ ਸਟਾਫ਼ ਨੂੰ ਤਨਖ਼ਾਹਾਂ, ਪੈਨਸ਼ਨਾਂ ਅਤੇ ਹੋਰ ਲਾਭ-ਭੱਤੇ ਸਮੇਂ ਸਿਰ ਨਹੀਂ ਮਿਲ ਰਹੇ। ਇੱਥੋਂ ਤੱਕ ਕਿ ਸਾਲ 2013-14 ‘ਚ ਸਰਕਾਰ ਵੱਲੋਂ ਐਲਾਨਿਆ 17 ਕਰੋੜ ਰੁਪਏ ਦਾ ਮਹਿੰਗਾਈ ਭੱਤਾ ਅੱਜ ਤੱਕ ਨਹੀਂ ਮਿਲਿਆ। ਸਰਕਾਰ ਵੱਲੋਂ ਮਨਜ਼ੂਰਸ਼ੁਦਾ ਸਾਲਾਨਾ 108 ਕਰੋੜ ਗਰਾਂਟ ਨਾਕਾਫ਼ੀ ਹੋਣ ਦੇ ਨਾਲ-ਨਾਲ ਪੂਰੀ ਨਹੀਂ ਮਿਲਦੀ। ਭਗਵੰਤ ਮਾਨ ਅਨੁਸਾਰ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲੋੜੀਂਦੀ ਫੈਕਲਟੀ ਭਰਤੀ ਨਾ ਕੀਤੇ ਜਾਣ ਕਾਰਨ ਕਾਫ਼ੀ ਵਿਭਾਗ ਇੱਕ-ਇੱਕ, ਦੋ-ਦੋ ਪ੍ਰੋਫੈਸਰਾਂ ਨਾਲ ਹੀ ਚੱਲ ਰਹੇ ਹਨ। ਮਾਨ ਨੇ ਕਿਹਾ ਕਿ ਜੇ ਯੂਨੀਵਰਸਿਟੀ ਹੀ ਗੈੱਸਟ ਫੈਕਲਟੀ ਦੇ ਸਹਾਰੇ ਚੱਲ ਰਹੀ ਹੋਵੇ ਤਾਂ ਇਸ ਅਧੀਨ ਆਉਂਦੇ 300 ਕਾਲਜਾਂ ਦਾ ਕਿੰਨਾ ਬੁਰਾ ਹਾਲ ਹੋਵੇਗਾ।
ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਯੂਨੀਵਰਸਿਟੀ ਦੀ ਮੰਗ ਅਨੁਸਾਰ ਲਗਭਗ 350 ਕਰੋੜ ਰੁਪਏ ਜਾਰੀ ਕਰਨ ਅਤੇ ਮਾਲਵਾ ਦਾ ਨਗੀਨਾ ਮੰਨੀ ਜਾਂਦੀ ਪੰਜਾਬੀ ਯੂਨੀਵਰਸਿਟੀ ਜੋ ਕਿ ਉਨ੍ਹਾਂ ਦੇ ਆਪਣੇ ਜੱਦੀ ਸ਼ਹਿਰ ‘ਚ ਸਥਿਤ ਹੈ, ਨੂੰ ਪੱਕੇ ਤੌਰ ‘ਤੇ ਵਿੱਤੀ ਸੰਕਟ ‘ਚੋਂ ਕੱਢਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਦੀ ਸਰਕਾਰੀ ਸਿੱਖਿਆ ਵਿਰੋਧੀ ਨੀਅਤ ਅਤੇ ਨੀਤੀਆਂ ਕਾਰਨ ਵਿੱਦਿਆ ਦੇ ਇਨ੍ਹਾਂ ਦੋਵੇਂ (ਪੰਜਾਬੀ ਯੂਨੀਵਰਸਿਟੀ ਅਤੇ ਜੀਐਨਡੀਯੂ) ਅਣਮੁੱਲੇ ਚਾਨਣ ਮੁਨਾਰਿਆਂ ਨੂੰ ਉਸੇ ਤਰ੍ਹਾਂ ਮਿਟਾਉਣ ਦੀ ਸਾਜ਼ਿਸ਼ ਹੋ ਰਹੀ ਹੈ, ਜਿਵੇਂ ਨਿੱਜੀ ਥਰਮਲ ਪਲਾਂਟਾਂ ਦੇ ਹਿਤਾਂ ਲਈ ਸ੍ਰੀ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ।